Site icon TheUnmute.com

ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਬੈਠਕ

MUNICIPAL CORPORATIONS

ਚੰਡੀਗੜ੍ਹ, 24 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ  ਅਤੇ ਨਗਰ ਨਿਗਮ (MUNICIPAL CORPORATIONS) ਫਗਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਕਮਿਸ਼ਨਰਾਂ ਨਾਲ ਅੱਜ ਦਿੱਨ ਸ਼ੁਕਰਵਾਰ ਨੂੰ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1, 2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜਿਹਨਾਂ ਮੱਦਾ ਵਿੱਚ ਅਣਵਰਤੇ ਫੰਡਜ਼ ਪੈਂਡਿੰਗ ਹਨ ਉਹਨਾਂ ਨੂੰ ਦਿੱਤੀ ਗਈ ਗਾਈਡਲਾਈਨਜ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ ‘ਤੇ ਖਰਚ ਕੀਤਾ ਜਾਵੇ।

ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਇਕਾਈਆਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਂਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅੱਕਤੀ ਭ੍ਰਿਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਨਗਰ ਨਿਗਮਾਂ (MUNICIPAL CORPORATIONS) ਦੇ ਕਮਿਸ਼ਨਰਾਂ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Exit mobile version