ਚੰਡੀਗੜ੍ਹ, 24 ਅਕਤੂਬਰ 2024: ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਸੀਨੀਅਰ ਅਧਿਕਾਰੀਆਂ ਬੈਠਕ ਦੌਰਾਨ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ (illegal mining) ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ।
ਗੋਇਲ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਗੋਇਲ ਨੇ ਹਦਾਇਤ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕੀਤੀ ਗਈ ਕਾਰਵਾਈ ਦੀ ਰਿਪੋਰਟ ਹਰ 15 ਦਿਨਾਂ ਬਾਅਦ ਸਰਕਾਰ ਨੂੰ ਭੇਜੀ ਜਾਵੇ।
ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਨੇ ਗੈਰ-ਕਾਨੂੰਨੀ ਮਾਈਨਿੰਗ (illegal mining) ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਵਾਜਬ ਦਰਾਂ ‘ਤੇ ਰੇਤ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ਵਿੱਚ ਹੋਰ ਵਾਧਾ ਹੋ ਸਕੇ।