ਫਿਰੋਜ਼ਪੁਰ 22 ਅਗਸਤ 2025 : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal0 ਨੇ ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਵਿਆਪਕ ਖੇਤਰੀ ਦੌਰੇ ਕੀਤੇ।
ਗੋਇਲ ਨੇ ਦਰਿਆਈ ਪਾਣੀ ਤੋਂ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਟਾਂਡੀ ਵਾਲਾ, ਗਜ਼ਨੀ ਵਾਲਾ ਅਤੇ ਧੀਰਾ ਘੜਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਕੁਮਾਰ ਦਹੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਤਰਨਤਾਰਨ ਦੇ ਆਪਣੇ ਦੌਰੇ ਦੌਰਾਨ ਬਰਿੰਦਰ ਕੁਮਾਰ ਗੋਇਲ ਦੇ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਸਨ, ਜਿੱਥੇ ਉਨ੍ਹਾਂ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਨ ਵੱਲ ਸਤਲੁਜ ਦਰਿਆ ‘ਤੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਦੋਵੇਂ ਕੈਬਨਿਟ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਅਤੇ ਕੁੱਤੀਵਾਲ, ਘੜੂਮ, ਬਸਤੀ ਲਾਲ ਸਿੰਘ, ਸਭਰਾ, ਗੜਾਈਕੇ, ਗੱਟੀ ਹਰੀਕੇ ਆਦਿ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ।
ਮੀਡੀਆ ਨਾਲ ਗੱਲਬਾਤ ਕਰਦਿਆਂ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨਿੱਜੀ ਤੌਰ ‘ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਨੂੰ ਤਾਇਨਾਤ ਕੀਤਾ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਸਿੱਧੇ ਤੌਰ ‘ਤੇ ਪ੍ਰਭਾਵਿਤ ਪਿੰਡ ਵਾਸੀਆਂ ਤੱਕ ਪਹੁੰਚ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਡੀਸੀ, ਐਸਐਸਪੀ ਤੋਂ ਲੈ ਕੇ ਹੋਰ ਸਾਰੇ ਸਬੰਧਤ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੜ੍ਹ ਪੀੜਤਾਂ ਨੂੰ ਪਹਿਲ ਦੇ ਆਧਾਰ ‘ਤੇ ਮੁੱਢਲੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਣਾ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਸਿਹਤ ਸਹੂਲਤਾਂ ਅਤੇ ਰਾਸ਼ਨ ਪ੍ਰਦਾਨ ਕਰਨਾ ਹੈ। ਉਨ੍ਹਾਂ ਹੁਕਮ ਦਿੱਤੇ ਕਿ ਇਸ ਦੇ ਨਾਲ-ਨਾਲ ਪਸ਼ੂਆਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਅਤੇ ਬਦਲਦੀ ਸਥਿਤੀ ‘ਤੇ 24 ਘੰਟੇ ਨਿਗਰਾਨੀ ਰੱਖਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਹਰੀਕੇ ਹੈੱਡਵਰਕਸ ਦੇ ਨਿਰੀਖਣ ਦੌਰਾਨ, ਦੋਵਾਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਇਸ ਸਮੇਂ ਹਰੀਕੇ ਹੈੱਡਵਰਕਸ ‘ਤੇ 11,600 ਕਿਊਸਿਕ ਪਾਣੀ ਵਹਿ ਰਿਹਾ ਹੈ, ਨਹਿਰਾਂ ਵਿੱਚ 20,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ 96,000 ਕਿਊਸਿਕ ਪਾਣੀ ਹੇਠਾਂ ਵੱਲ ਵਹਿ ਰਿਹਾ ਹੈ।
Read More: ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ