ਚੰਡੀਗੜ੍ਹ, 27 ਦਸੰਬਰ 2024: Bathinda Accident News: ਬਠਿੰਡਾ ‘ਚ ਅੱਜ ਇੱਕ ਨਿੱਜੀ ਕੰਪਨੀ ਦੀ ਬੱਸ ਦੇ ਗੰਦੇ ਨਾਲੇ ‘ਚ ਡਿੱਗਣ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ | ਇਸ ਹਾਦਸੇ ‘ਚ ਡਰਾਈਵਰ ਸਮੇਤ 8 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ 24 ਤੋਂ ਵੱਧ ਜਣੇ ਜ਼ਖਮੀ ਹਨ। ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ ਅਤੇ ਬੱਸ ਨਿੱਜੀ ਕੰਪਨੀ ਦੀ ਬੱਸ ਹੈ ਜਿਸਦਾ ਨੰਬਰ (ਪੀਬੀ 11 ਡੀਬੀ-6631) ਹੈ | ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਪਿੰਡ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ ਹੈ। ਇਹ ਬੱਸ ਸਰਦੂਲਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 50 ਜਣੇ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ NDRF ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬੱਸ ‘ਚ ਸਵਾਰ ਯਾਤਰੀਆਂ ਦਾ ਕਹਿਣਾ ਹੈ ਕਿ ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਉਦੋਂ ਹੀ ਸਾਹਮਣੇ ਤੋਂ ਇਕ ਵੱਡੀ ਟਰਾਲੀ ਆਈ। ਇਸ ਤੋਂ ਬਚਣ ਲਈ ਬੱਸ ਨੇ ਮੋੜ ਲੈ ਲਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।