Site icon TheUnmute.com

ਬਠਿੰਡਾ: ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇ ਕੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਸ਼ਹੀਦਾਂ

ਬਠਿੰਡਾ, 21 ਅਕਤੂਬਰ 2023: ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਸ਼ਰਧਾ ਪੂਰਵਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਸ਼ਹੀਦੀ ਸਮਾਗਮ ਮੌਕੇ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ।

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਸੀ.ਜੇ.ਐਮ. ਮੁਹੇਸ਼ ਕੁਮਾਰ ਸ਼ਰਮਾ ਤੇ ਪ੍ਰਿੰਸੀਪਲ ਜੱਜ ਫ਼ੈਮਲੀ ਕੋਰਟ ਰਮਨ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।

ਉਨ੍ਹਾਂ ਕਿਹਾ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ ਮੈਂ ਇਨ੍ਹਾਂ ਸ਼ਹੀਦਾਂ ਨੂੰ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨਾ ਸਾਡਾ ਫਰਜ਼ ਹੈ।

Exit mobile version