ਜਲੰਧਰ,10 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਮੀਡੀਆ ਰਾਹੀਂ ਜਲੰਧਰ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਇੱਕ ਸਾਲ ਦੀ ਬੇਮਿਸਾਲ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ।
ਬੀਤੇ ਦਿਨ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦੁਆਰਾ ਲਿਆਂਦੀ ਗਈ ਨਵੀਂ ਆਬਕਾਰੀ ਨੀਤੀ ਨਾਲ 41% ਦਾ ਰਿਕਾਰਡ ਮਾਲੀਆ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਈ ਵਿਭਾਗਾਂ ਵਿੱਚ ਮਾਲੀਏ ਵਿੱਚ ਇਤਿਹਾਸਕ ਵਾਧਾ ਹੋਇਆ ਹੈ।
ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸੂਬੇ ਦਾ ਮਾਲੀਆ ਵਧਾਉਣ ਲਈ ਕੁਝ ਨਹੀਂ ਕੀਤਾ ਸਗੋਂ ਉਲਟਾ ਅਕਾਲੀ ਅਤੇ ਕਾਂਗਰਸ ਸਰਕਾਰਾਂ ਦੌਰਾਨ ਮਾਲੀਆ ਘਟਦਾ ਸੀ। ਉਨ੍ਹਾਂ ਕਿਹਾ ਕਿ ਮਾਲੀਆ ਘਟਣ ਦਾ ਮੁੱਖ ਕਾਰਨ ਵੱਖ-ਵੱਖ ਮਾਫੀਆ ਜਿਵੇਂ ਆਬਕਾਰੀ ਮਾਫੀਆ, ਸ਼ਰਾਬ ਮਾਫੀਆ ਅਤੇ ਟਰਾਂਸਪੋਰਟ ਮਾਫੀਆ ਹਨ। ਇਹ ਮਾਫ਼ੀਏ ਅਕਾਲੀ, ਭਾਜਪਾ ਅਤੇ ਕਾਂਗਰਸੀ ਆਗੂਆਂ ਦੀ ਮਦਦ ਨਾਲ ਪੰਜਾਬ ਦੇ ਖਜ਼ਾਨੇ ਨੂੰ ਲੁੱਟਦੇ ਸਨ।
ਉਨ੍ਹਾਂ (Harpal Singh Cheema) ਕਿਹਾ ਕਿ ਜਦੋਂ ਤੋਂ ਪੰਜਾਬ ਦੇ ਲੋਕਾਂ ਨੇ ਪਿਛਲੇ ਸਾਲ ਭਾਰੀ ਫ਼ਤਵੇ ਨਾਲ ਇਮਾਨਦਾਰ ਸਰਕਾਰ ਚੁਣੀ ਹੈ, ਉਦੋਂ ਤੋਂ ਲੁੱਟ-ਖਸੁੱਟ ਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਈ ਹੈ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਨੂੰ ਇਮਾਨਦਾਰ ਰਾਜਨੀਤੀ ਸਿਖਾਈ ਹੈ। ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੇ ਨਤੀਜੇ ਵਜੋਂ ਪੰਜਾਬ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਮੁੜ ਬਹਾਲ ਹੋ ਰਿਹਾ ਹੈ। ਉਹ ਵਿਦੇਸ਼ਾਂ ਤੋਂ ਵਾਪਸ ਘਰ ਪਰਤ ਰਹੇ ਹਨ ਅਤੇ ਇੱਥੇ ਕੰਮ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਜੀਐਸਟੀ ਕੁਲੈਕਸ਼ਨ ਵਿੱਚ ਵੀ ਲਗਭਗ 17% ਵਾਧਾ ਹੋਇਆ ਹੈ ਕਿਉਂਕਿ ਜਦੋਂ ਲੋਕਾਂ ਨੂੰ ਪਤਾ ਹੁੰਦਾ ਹੈ ਕਿ ਉਨ੍ਹਾਂ ਦੇ ਟੈਕਸ ਦਾ ਪੈਸਾ ਸੂਬੇ ਦੇ ਵਿਕਾਸ ‘ਤੇ ਲੱਗੇਗਾ ਤਾਂ ਲੋਕ ਆਪ ਇਮਾਨਦਾਰੀ ਨਾਲ ਟੈਕਸ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ‘ਤੇ 2.25 ਫੀਸਦੀ ਦੀ ਛੋਟ ਦਿੱਤੀ ਗਈ ਸੀ ਅਤੇ ਇਸ ਕਾਰਨ ਮਾਲੀਆ ਫਰਵਰੀ ਦੇ 339 ਕਰੋੜ ਰੁਪਏ ਤੋਂ ਵਧ ਕੇ ਮਾਰਚ ਵਿਚ 658.68 ਕਰੋੜ ਰੁਪਏ ਹੋ ਗਿਆ ਹੈ ਜੋ ਲਗਭਗ 70 ਫੀਸਦੀ ਵਾਧਾ ਹੈ।
‘ਆਪ’ ਆਗੂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਧਰਮ ਜਾਂ ਫਿਰਕੂ ਤਣਾਅ ਦੇ ਆਧਾਰ ‘ਤੇ ਰਾਜਨੀਤੀ ਕਰਦੀਆਂ ਹਨ ਜਾਂ ਉਨ੍ਹਾਂ ਨੂੰ ਸਬਜ਼ਬਾਗ ਦਿਖਾਉਂਦੀਆਂ ਹਨ, ਪਰ ‘ਆਪ’ ਕੰਮ ਅਤੇ ਇਮਾਨਦਾਰੀ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਰੋਜ਼ਗਾਰ ਪੈਦਾ ਕਰਨ, ਸਰਕਾਰੀ ਨੌਕਰੀਆਂ ਦੇਣ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਪਹਿਲੇ ਦਿਨ ਤੋਂ ਸ਼ੁਰੂ ਕਰ ਦਿੱਤਾ ਸੀ। ਅਕਾਲੀ ਅਤੇ ਕਾਂਗਰਸ ਸਰਕਾਰਾਂ ਪਹਿਲੇ ਸਾਢੇ ਚਾਰ ਸਾਲ ਸੁੱਤੀਆਂ ਰਹਿੰਦੀਆਂ ਸਨ, ਪਰ ਅਸੀਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਤੋਂ ਬਾਅਦ 26,554 ਨੌਕਰੀਆਂ ਦਾ ਇਸ਼ਤਿਹਾਰ ਦਿੱਤਾ, 28,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਹਜ਼ਾਰਾਂ ਮੁਲਾਜ਼ਮਾਂ ਨੂੰ ਪੱਕੇ ਕੀਤਾ।
ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੀ 20,200 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਪੀ.ਐਸ.ਪੀ.ਸੀ.ਐਲ. ਨੂੰ ਰਾਜ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਘਾਟੇ ਦਾ ਪ੍ਰਤੀਕ ਮੰਨਿਆ ਜਾਂਦਾ ਸੀ ਪਰ ਆਪ ਸਰਕਾਰ ਪੀ.ਐਸ.ਪੀ.ਸੀ.ਐਲ ਦੀਆਂ ਸਾਰੀਆਂ ਬਕਾਇਆ ਸਬਸਿਡੀਆਂ ਨੂੰ ਕਲੀਅਰ ਕਰੇਗੀ।