Site icon TheUnmute.com

ਪਰਲਜ਼ ਘਪਲੇ ‘ਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਵਿਜੀਲੈਂਸ ਬਿਊਰੋ ਨੇ ਮੁੰਬਈ ਤੋਂ ਕੀਤਾ ਗ੍ਰਿਫਤਾਰ

ANTF

ਚੰਡੀਗੜ੍ਹ, 19 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਪਰਲਜ਼ ਘਪਲੇ (Pearls scam) ਮਾਮਲੇ ‘ਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ | ਵਿਜੀਲੈਂਸ ਵੱਲੋਂ ਗਠਿਤ ਸਿੱਟ ਨੇ ਇਮੀਗ੍ਰੇਸ਼ਨ ਟੀਮ ਦੀ ਮੱਦਦ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ ਕੇਸ ‘ਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ |ਵਿਜੀਲੈਂਸ ਮੁਤਾਬਕ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।

ਵਿਜੀਲੈਂਸ ਬਿਊਰੋ ਮੁਤਾਬਕ ਉਕਤ ਮੁਲਜ਼ਮ ਡੇਰਾਬੱਸੀ ਦੇ ਪਿੰਡ ਘੋਲੂਮਾਜਰਾ, ਜ਼ਿਲ੍ਹਾ ਮੋਹਾਲੀ ‘ਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ‘ਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ‘ਚ ਦਰਜ ਐਫ.ਆਈ.ਆਰ. ਕੇਸ ‘ਚ ਲੋੜੀਂਦਾ ਸੀ। ਮੁਲਜ਼ਮ ਨੂੰ ਪਤਾ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਲਿਮਟਿਡ ਨੂੰ ਪਿੰਡ ਘੋਲੂਮਾਜਰਾ ਤੇ ਹੋਰ ਥਾਵਾਂ ‘ਤੇ ਪੀ.ਏ.ਸੀ.ਐਲ. ਕੰਪਨੀ ਦੀਆਂ ਕਿਸੇ ਵੀ ਜਾਇਦਾਦਾਂ ਨੂੰ ਵੇਚਣ ਅਦਿ ‘ਤੇ ਰੋਕ ਲਾਈ ਹੈ |

ਵਿਜੀਲੈਂਸ ਬਿਊਰੋ ਮੁਤਾਬਕ ਫੀਨੋਮੀਨਲ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ‘ਚ ਪਿੰਡ ਘੋਲੂਮਾਜਰਾ ਵਿਖੇ ਵਿਵਾਦਤ 115 ਵਿੱਘੇ ਜ਼ਮੀਨ ‘ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਂ ਦੀ ਦੋ ਕਲੋਨੀਆਂ ਤਿਆਰ ਕੀਤੀਆਂ ਸਨ। ਮੁਲਜ਼ਮ ਡਿਵੈਲਪਰਾਂ ‘ਤੇ ਦੋਵਾਂ ਕਲੋਨੀਆਂ ‘ਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਉਣ ਦਾ ਦੋਸ਼ ਹੈ | ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

Exit mobile version