Site icon TheUnmute.com

ਗਊ ਹੱਤਿਆ ਮਾਮਲੇ ‘ਤੇ ਭਗਵੰਤ ਮਾਨ ਨੇ ਪੁਲਸ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

Bhagwant Mann

ਚੰਡੀਗੜ੍ਹ 12 ਮਾਰਚ 2022: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੀ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ | ਇਸ ਮਾਮਲੇ ਨੂੰ ਲੈ ਕੇ ਭਗਵੰਤ ਮਾਨ (Bhagwant mann) ਨੇ ਪੁਲਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸਦੇ ਨਾਲ ਹੀ ਭਗਵੰਤ ਮਾਨ (Bhagwant mann) ਨੇ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵੇਗੀ। ਸਮਾਜ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁਣ ਸਫ਼ਲ ਹੋਣ ਵਾਲੀਆਂ ਨਹੀਂ ਹਨ। ਪੰਜਾਬ ‘ਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਨੇ ਗਊ ਹੱਤਿਆ ਮਾਮਲੇ ‘ਚ ਡੀ.ਜੀ.ਪੀ. ਨੂੰ ਹਦਾਇਤ ਦਿੰਦਿਆਂ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਰੋਕਿਆ ਜਾਣਾ ਚਾਹੀਦਾ ਹੈ ਕਿਉਂ ਜੋ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਹਰਗ਼ਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਗਊਆਂ ਦੇ ਸਿਰ ਵੱਢ ਦੇਣ ਵਾਲੀ ਦੁਖਦਾਇਕ ਘਟਨਾ ਵਿਚ ਸ਼ਾਮਲ ਪਾਏ ਜਾਣ ਵਾਲੇ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਘਿਨਾਉਣੇ ਕੰਮਾਂ ‘ਚ ਸ਼ਾਮਲ ਬਾਕੀ ਲੋਕਾਂ ਲਈ ਵੀ ਮਿਸਾਲ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾ-ਮੁਆਫ ਕਰਨ ਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਸਾਰਿਆਂ ਵੱਲੋਂ ਇਸ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ‘ਚ ਨਿੰਦਾ ਵੀ ਕੀਤੀ ਜਾਣੀ ਚਾਹੀਦੀ ਹੈ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਜਨਤਕ ਹਿੱਤ ਵਿੱਚ ਇਸ ਸਥਿਤੀ ‘ਚ ਸੰਜਮ ਵਰਤਣ ਕਿਉਂਕਿ ਸੂਬਾ ਪੁਲਸ ਨੂੰ ਪਹਿਲਾਂ ਹੀ ਦੋਸ਼ੀਆਂ ਖ਼ਿਲਾਫ਼ ਛੇਤੀ ਤੋਂ ਛੇਤੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਏਸੇ ਦੌਰਾਨ ਹੁਸ਼ਿਆਰਪੁਰ ਪੁਲਸ ਨੇ ਇਸ ਸਬੰਧ ‘ਚ ਐਫ ਆਈ ਆਰ ਦਰਜ ਕਰ ਲਈ ਹੈ।

 

Exit mobile version