July 3, 2024 3:39 am
Patiala

ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ

ਚੰਡੀਗੜ੍ਹ, 29 ਅਪਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Mr. Bhagwant Mann)  ਨੇ ਅੱਜ ਪਟਿਆਲਾ (Patiala) ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਪਟਿਆਲਾ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਰਿਹਾਇਸ਼ ਵਿਖੇ ਸੂਬਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਮੌਜੂਦਾ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨਿਰੰਤਰ ਜਾਣੂੰ ਕਰਵਾਉਂਦੇ ਰਹਿਣ ਦੇ ਨਿਰਦੇਸ਼ ਦਿੱਤੇ।

ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਦੀ ਵਿਅਕਤੀ ਨੂੰ ਵੀ ਕਿਸੇ ਵੀ ਕੀਮਤ ’ਤੇ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਵੱਲੋਂ ਲਗਾਤਾਰ ਚੌਕਸੀ ਵਰਤਣ ਕਾਰਨ ਪੰਜਾਬ ਅਜੇ ਵੀ ਦੇਸ਼ ਭਰ ਦੇ ਸਭ ਤੋਂ ਸ਼ਾਂਤਮਈ ਸੂਬਿਆਂ ਵਿੱਚੋਂ ਇੱਕ ਹੈ।

ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ ਦਾ ਮੁੱਖ ਸਰੋਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਕਿਉਂ ਨਾ ਰੱਖਦਾ ਹੋਵੇ, ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ ਕਿਉਂਕਿ ਦੁਸ਼ਮਣ ਤਾਕਤਾਂ ਇਸ ਨੂੰ ਨਿਸ਼ਾਨਾ ਬਣਾਉਣਾ ਦੀ ਤਾਕ ਵਿਚ ਰਹਿੰਦੀਆਂ ਹਨ ਜੋ ਆਪਣੇ ਸੌੜੇ ਹਿੱਤਾਂ ਲਈ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਸੂਬਾ ਸਰਕਾਰ ਦੀ ਸਖ਼ਤ ਚੌਕਸੀ ਕਾਰਨ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਵਾਰ-ਵਾਰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖ਼ਤ ਘਾਲਣਾ ਘਾਲੀ ਹੈ। ਉਨ੍ਹਾਂ ਨੇ ਭਰੋਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ ਪਾ ਕੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਡੀ.ਜੀ.ਪੀ. ਵੀ.ਕੇ. ਭਾਵਰਾ ਸ਼ਾਮਲ ਸਨ।