ਚੰਡੀਗੜ੍ਹ 15 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਉਨ੍ਹਾਂ ਦੇ ਅਧਿਕਾਰੀ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨਗੇ। ਇਸ ਦੌਰੇ ਦਾ ਟੀਚਾ ਪੰਜਾਬ ਦੇ ਸਕੂਲਾਂ ਨੂੰ (Punjab School Education) ਦਿੱਲੀ ਦੀ ਤਰਜ਼ ‘ਤੇ ਸੁਧਾਰਨਾ ਦੱਸਿਆ ਜਾ ਰਿਹਾ ਹੈ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜਯੰਤੀ ‘ਤੇ ਆਯੋਜਿਤ ਇਕ ਸਮਾਗਮ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ‘ਚ ਭਗਵੰਤ ਮਾਨ ਦੇ ਇਸ ਦੌਰੇ ਦੀ ਪੁਸ਼ਟੀ ਕੀਤੀ ਹੈ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਇਸ ਹੱਦ ਤੱਕ ਸੁਧਾਰ ਕੀਤਾ ਹੈ ਕਿ ਦੁਨੀਆਂ ਭਰ ਤੋਂ ਲੋਕ ਇਨ੍ਹਾਂ ਸ਼ਾਨਦਾਰ ਤਬਦੀਲੀਆਂ ਨੂੰ ਦੇਖਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਆਪਣੀ ਭਾਰਤ ਫੇਰੀ ‘ਤੇ ਦਿੱਲੀ ਦੇ ਸਰਕਾਰੀ ਸਕੂਲ ਨੂੰ ਦੇਖਣ ਆਈ ਸੀ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲਾ ਪਲ ਹੈ। ਕੇਜਰੀਵਾਲ ਨੇ ਕਿਹਾ ਕਿ ਹਾਲ ਹੀ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ ਦੇਖਣ ਆਏ ਸਨ।