July 4, 2024 5:26 am
Manish Sisodia

ਸਿੱਖਿਆ ‘ਚ ਸੁਧਾਰ ਲਈ ਮਨੀਸ਼ ਸਿਸੋਦੀਆ ਨੂੰ ਦਿੱਤਾ ਜਾਣਾ ਚਾਹੀਦਾ ਹੈ ਭਾਰਤ ਰਤਨ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ 22 ਅਗਸਤ 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੋਮਵਾਰ ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਦੋਵਾਂ ਆਗੂਆਂ ਨੇ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਤਾ ਨਾਲ ਨਵੇਂ ਵਾਅਦੇ ਕੀਤੇ। ਇਸ ਮੌਕੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਜੇਕਰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਅਸੀਂ ਗੁਜਰਾਤ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕਰਾਂਗੇ। ਅਸੀਂ ਤੁਹਾਡੇ ਪੂਰੇ ਪਰਿਵਾਰ ਲਈ ਚੰਗੇ ਅਤੇ ਮੁਫ਼ਤ ਇਲਾਜ ਦਾ ਵੀ ਪ੍ਰਬੰਧ ਕਰਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਦੇ ਲੋਕ ਬਹੁਤ ਦੁਖੀ ਹਨ, 27 ਸਾਲਾਂ ਤੋਂ ਭਾਜਪਾ ਦੀ ਸਰਕਾਰ ਵਿੱਚ ਬਹੁਤ ਹੰਕਾਰ ਆਇਆ ਹੈ। ‘ਆਪ’ ਜਨਤਕ ਮੁੱਦਿਆਂ ‘ਤੇ ਚਰਚਾ ਕਰ ਰਹੀ ਹੈ, ਉਸਾਰੂ ਮੁਹਿੰਮ ਚਲਾ ਰਹੀ ਹੈ। ਅੱਜ ਅਸੀਂ ਸਿੱਖਿਆ ਅਤੇ ਸਿਹਤ ਦੀ ਗਾਰੰਟੀ ਦੇਣ ਆਏ ਹਾਂ। ਇਸ ਦੌਰਾਨ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਦਿੱਲੀ ਦੇ ਸਕੂਲਾਂ ‘ਚ ਸਿੱਖਿਆ ਦਾ ਮਿਆਰ ਸੁਧਾਰਨ ਲਈ ਮਨੀਸ਼ ਸਿਸੋਦੀਆ ਨੂੰ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ, ਪਰ ਕੇਂਦਰ ਸਰਕਾਰ ਸਿਆਸੀ ਸ਼ਹਿ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

ਇਸਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਨਿਊਯਾਰਕ ਟਾਈਮਜ਼ ਨੇ ਸਾਡੇ ਸਿੱਖਿਆ ਮਾਡਲ ਦੀ ਸ਼ਲਾਘਾ ਕੀਤੀ ਹੈ। ਪਰ ਸਾਡੀ ਸਰਕਾਰ ਸਿਸੋਦੀਆ (Manish Sisodia) ਦੀ ਤਾਰੀਫ਼ ਕਰਨ ਦੀ ਬਜਾਏ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਨੇ ਇਹ ਖਦਸ਼ਾ ਵੀ ਜ਼ਾਹਰ ਕੀਤਾ ਕਿ ਸਿਸੋਦੀਆ ਨੂੰ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ।