ਚੰਡੀਗੜ੍ਹ, 20 ਅਪ੍ਰੈਲ 2024: ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਭਾਜਪਾ ਆਗੂ ਵਿਜੇ ਸਾਂਪਲਾ (Vijay Sampla) ਨੇ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ । ਇਸਦੇ ਨਾਲ ਹੀ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਹੁਸ਼ਿਆਰਪੁਰ ਲੋਕ ਸਭਾ ਤੋਂ ਮੌਜੂਦਾ ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਘਰਵਾਲੀ ਅਨੀਤਾ ਸੋਮ ਪ੍ਰਕਾਸ਼ ਨੂੰ ਭਾਜਪਾ ਵੱਲੋਂ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਹਨ ਅਤੇ ਉਨ੍ਹਾਂ ਦੇ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋਣ ਦੀਆਂ ਗੱਲਾਂ ਚੱਲ ਰਹੀਆਂ ਹਨ।
ਭਾਜਪਾ ਪ੍ਰਧਾਨ ਸੁਨੀਲ ਜਾਖੜ, ਹਰਜੀਤ ਸਿੰਘ ਗਰੇਵਾਲ ਅਤੇ ਸਾਬਕਾ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਸਮੇਤ ਹੋਰ ਪਾਰਟੀ ਵਰਕਰਾਂ ਭਾਜਪਾ ਸਾਂਪਲਾ ਦੇ ਘਰ ਪਹੁੰਚ ਗਏ ਹਨ ਅਤੇ ਉਨ੍ਹਾਂ ਦੇ ਘਰ ਸਾਂਪਲਾ ਅਤੇ ਉਨ੍ਹਾਂ ਦੇ ਪੁੱਤਰ ਸਾਹਿਲ ਸਾਂਪਲਾ ਨਾਲ ਬੈਠਕ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ (Vijay Sampla) ਸਪੱਸ਼ਟ ਕੀਤਾ ਹੈ ਕਿ ਉਹ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਬੀਤੀ ਸ਼ਾਮ ਵਿਜੇ ਸਾਂਪਲਾ ਨੇ ਆਪਣੇ ਘਰ ਇੱਕ ਜ਼ਰੂਰੀ ਬੈਠਕ ਸੱਦੀ ਗਈ। ਜਿਸ ‘ਚ ਉਨ੍ਹਾਂ ਦੇ ਕਰੀਬੀ ਦੋਸਤ ਅਤੇ ਸਮਰਥਕ ਹਿੱਸਾ ਲੈਣ ਪਹੁੰਚੇ।
ਬੈਠਕ ਵਿੱਚ ਵਿਜੇ ਸਾਂਪਲਾ ਨੇ ਭਾਜਪਾ ਤੋਂ ਵੱਖ ਹੋ ਕੇ ਲੋਕ ਸਭਾ ਚੋਣਾਂ ਲੜਨ ਦੀਆਂ ਚੁਣੌਤੀਆਂ ਬਾਰੇ ਚਰਚਾ ਕੀਤੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੁਝ ਸਮਰਥਕਾਂ ਨੇ ਉਨ੍ਹਾਂ ਨੂੰ ਕਾਂਗਰਸ ‘ਚ ਸ਼ਾਮਲ ਹੋਣ ਦਾ ਸੁਝਾਅ ਦਿੱਤਾ ਹੈ ਅਤੇ ਕੁਝ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦਾ ਸੁਝਾਅ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਅਕਾਲੀ ਦਲ ਨਾਲ ਹੱਥ ਮਿਲਾਉਣ ਦੀ ਚਰਚਾ ਸੀ |