ਸੰਗਰੂਰ 15 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦੌਰਾਨ ਅੱਜ ਲਲਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਸਮੇਤ ਪੰਜਾਬ ਭਰ ਤੋਂ ਪੁੱਜੇ ਦਹਿ-ਹਪੰਜ਼ਾਰਾਂ ਕਿਸਾਨਾਂ ਮਜ਼ਦੂਰਾ ਨੌਜਵਾਨਾਂ ਸਾਹਮਣੇ ਮਾਨ ਸਰਕਾਰ ਨੂੰ ਭੇਜਿਆ ਜਾਣ ਵਾਲਾ ਯਾਦ ਪੱਤਰ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਪੜ੍ਹ ਕੇ ਪਾਸ ਕਰਾਇਆ ਗਿਆ।
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਇਸ ਯਾਦ ਪੱਤਰ ਪ੍ਰਤੀ ਸਾਰਥਕ ਹੁੰਗਾਰਾ ਨਾ ਭਰੇ ਜਾਣ ਦੀ ਸੂਰਤ ਵਿੱਚ 20 ਅਕਤੂਬਰ ਨੂੰ ਸਖ਼ਤ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ। ਮੰਗਾਂ ਨੂੰ ਮੁੜ ਤਰਤੀਬ ਦੇ ਕੇ ਭੇਜੇ ਗਏ ਯਾਦ ਪੱਤਰ ‘ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਦੀ ਮੁਕੰਮਲ ਵਰਤੋਂ ਖੇਤੀ ਲਈ ਰੋਡ ਮੈਪ ਤਿਆਰ ਕਰਕੇ ਤੁਰੰਤ ਕਿਸਾਨਾਂ ਨੂੰ ਦਿੱਤਾ ਜਾਵੇ। ਇਸ ਬਾਰੇ 27-7-22 ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕੀਤੇ ਜਾਣ।
ਜ਼ੀਰਾ ਵਿੱਚ ਸ਼ਰਾਬ ਫੈਕਟਰੀ ਨੂੰ ਤੁਰੰਤ ਬੰਦ ਕਰਨ ਦੀ ਮੰਗ
ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰੰਤ ਬੰਦ ਕੀਤਾ ਜਾਵੇ। ਪੇਂਡੂ ਜਲ ਸਪਲਾਈ ਦੇ ਸਰਕਾਰੀ ਢਾਂਚੇ ਨੂੰ ਮੁੜ-ਬਹਾਲ ਕਰਨ ਬਾਰੇ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਦਾ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ, ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।
ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ ‘ਚੋਂ ਬਾਹਰ ਕੱਢਿਆ ਜਾਵੇ। ਝੋਨੇ ਦੇ ਔਸਤ ਝਾੜ ਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ।
ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਦੀ ਮੰਗ
ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ।
ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣ ਦੀ ਬਜਾਏ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਦਸਤਾਵੇਜ਼ ਦਿੱਤਾ ਜਾਵੇ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਪੰਜਾਬ ਦੇ ਕੁੱਝ ਮੌਕਾਪ੍ਰਸਤ ਫਿਰਕਾਪ੍ਰਸਤ ਆਗੂਆਂ ਦੀ ਲੋਕਾਂ ‘ਚ ਪਾਟਕ ਪਾਊ ਨੀਤੀ ਦੀ ਨਿੰਦਾ ਕਰਦਿਆਂ ਜਥੇਬੰਦੀ ਦੀ ਧਰਮ ਨਿਰਪੱਖਤਾ ਅਤੇ ਵੋਟ ਸਿਆਸਤ ਤੋਂ ਨਿਰਲੇਪਤਾ ਦੀ ਨੀਤੀ ਦੀ ਵਿਆਖਿਆ ਕੀਤੀ।
ਸਟੇਜ ਸਕੱਤਰ ਦੀ ਭੂਮਿਕਾ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਨਿਭਾਈ ਅਤੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਹਰਿੰਦਰ ਕੌਰ ਬਿੰਦੂ ਸ਼ਾਮਲ ਸਨ। ਕਾਫ਼ਲਿਆਂ ਦੇ ਰੂਪ ਵਿੱਚ ਸ਼ਾਮਲ ਭਰਾਤਰੀ ਜਥੇਬੰਦੀਆਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਜਗਰੂਪ ਸਿੰਘ ਲਹਿਰਾ ਅਤੇ ਸਾਬਕਾ ਸੈਨਿਕ ਜੀ ਓ ਜੀ ਦੇ ਆਗੂ ਕੈਪਟਨ ਗੁਲਾਬ ਸਿੰਘ ਵੱਲੋਂ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਪੀ ਆਰ ਟੀ ਸੀ ਯੂਨੀਅਨ ਦੇ ਕਾਰਕੁਨ ਵੀ ਕਾਫੀ ਗਿਣਤੀ ਵਿੱਚ ਸ਼ਾਮਲ ਸਨ।