ਚੰਡੀਗੜ੍ਹ, 07 ਸਤੰਬਰ 2023: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ‘ਚ ਚੱਲ ਰਹੇ ਵਿਵਾਦਾਂ ਦਰਮਿਆਨ ਭੁਪਿੰਦਰ ਸਿੰਘ ਅਸੰਧ (Bhupinder Singh in Assandh) ਨੂੰ ਪ੍ਰਧਾਨ ਥਾਪਿਆ ਗਿਆ ਹੈ । ਇਸਦੇ ਨਾਲ ਹੀ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਮੌਕੇ ਭੁਪਿੰਦਰ ਸਿੰਘ ਅਸੰਧ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਅਤੇ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਹ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ਼ੁੱਕਰਵਾਰ ਨੂੰ ਪਹੁੰਚਣਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਗੇ ਅਤੇ ਸ਼ੁਕਰਾਨੇ ਵਜੋਂ ਅਰਦਾਸ ਕਰਨਗੇ।
ਜ਼ਿਕਰਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਸਾਬਕਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਮਹੰਤ ਕਰਮਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ | ਇਸਤੋਂ ਬਾਅਦ ਮਹੰਤ ਕਰਮਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ | ਐਤਵਾਰ ਨੂੰ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਐਡਹੋਕ ਕਮੇਟੀ ਹੋਣ ਕਾਰਨ ਅਸਤੀਫ਼ਾ ਹਰਿਆਣਾ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤਾ ਸੀ। ਜਿਕਰਯੋਗ ਹੈ ਕਿ 14 ਅਗਸਤ ਨੂੰ ਅੰਬਾਲਾ ਦੇ ਸ੍ਰੀ ਪੰਜੋਖਰਾ ਸਾਹਿਬ ਗੁਰਦੁਆਰੇ ਵਿੱਚ ਹੋਈ ਮੀਟਿੰਗ ਦੇ ਦੌਰਾਨ ਇੱਕ ਵਿਵਾਦ ਹੋਇਆ ਸੀ, ਜਿਸਦੀ ਇੱਕ ਵੀਡੀਓ ਵੀ ਵਾਇਰਲ ਹੋਈ |