ਬੀਬੀ ਜਗੀਰ ਕੌਰ ਨੇ ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ

ਬੀਬੀ ਜਗੀਰ ਕੌਰ ਨੇ ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ

ਚੰਡੀਗੜ੍ਹ , 25 ਅਗਸਤ 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਭਾਗ ਸਿੰਘ ਅਣਖੀ ਨੇ ਚੀਫ ਖਾਲਸਾ ਦੀਵਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸ. ਭਾਗ ਸਿੰਘ ਅਣਖੀ ਦਾ ਧਾਰਮਿਕ, ਵਿਦਿਅਕ ਤੇ ਸਮਾਜਸੇਵੀ ਹਲਕਿਆਂ ਵਿਚ ਵੱਡਾ ਯੋਗਦਾਨ ਸੀ। ਉਨ੍ਹਾਂ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਵੀ ਅਹਿਮ ਯੋਗਦਾਨ ਪਾਇਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ. ਭਾਗ ਸਿੰਘ ਅਣਖੀ ਦਾ ਅਕਾਲ ਚਲਾਣਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਸ. ਅਣਖੀ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਦੇ ਚਲਾਣੇ ’ਤੇ ਦੁਖ ਪ੍ਰਗਟਾਇਆ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਸ. ਇੰਦਰਜੀਤ ਸਿੰਘ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਸੁਲੱਖਣ ਸਿੰਘ ਭੰਗਾਲੀ ਨੇ ਅਫ਼ਸੋਸ ਪ੍ਰਗਟ ਕੀਤਾ ਹੈ।

ਉਨ੍ਹਾਂ ਸ. ਖਾਲਸਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਿਤਾ ਦਾ ਮਨੁੱਖ ਦੀ ਜ਼ਿੰਦਗੀ ਵਿਚ ਅਹਿਮ ਸਥਾਨ ਹੁੰਦਾ ਹੈ। ਪਿਤਾ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੇ ਭਾਣੇ ਅੰਦਰ ਹਰ ਮਨੁੱਖ ਨੇ ਸਵਾਸਾਂ ਦੀ ਪੂੰਜੀ ਭੋਗ ਕੇ ਸੰਸਾਰ ਤੋਂ ਜਾਣਾ ਹੈ।

ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।

Scroll to Top