9 ਅਕਤੂਬਰ 2026: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੀੜਤ ਬੀਬੀ ਨੂੰ ਪੇਸ਼ ਕਰਨ ਦੇ ਮਾਮਲੇ ਵਿੱਚ ਬੀਬੀ ਰੂਪ ਕੌਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਆਰੋਪ ਲਗਾਇਆ ਕਿ ਜਦੋਂ ਤੋਂ ਉਨ੍ਹਾਂ ਨੇ ਪੀੜਤ ਬੀਬੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਉਨ੍ਹਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਦਾਅਵਾ ਹੈ ਕਿ ਪੀੜਤ ਬੀਬੀਆਂ ਨੂੰ ਵੀ ਡਰਾਇਆ- ਧਮਕਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਾਹਮਣੇ ਆਉਣ ਤੋਂ ਰੋਕਿਆ ਜਾ ਰਿਹਾ ਹੈ।
ਬੀਬੀ ਰੂਪ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਜਾ ਰਹੀ ਸੀ ਕਿ ਉਹ ਉੱਥੇ ਨਾ ਜਾਣ, ਕਿਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ ਜਾਂ ਮਾਹੌਲ ਖ਼ਰਾਬ ਨਾ ਹੋ ਜਾਵੇ। ਉਨ੍ਹਾਂ ਮੁਤਾਬਕ, ਉਨ੍ਹਾਂ ਨੂੰ ਸਿੱਧੇ ਤੌਰ ’ਤੇ ਵੀ ਉੱਥੇ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਪੱਸ਼ਟ ਕੀਤਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰ ਪੇਸ਼ ਹੋਣਗੇ।
ਉਨ੍ਹਾਂ ਦੱਸਿਆ ਕਿ ਹੁਣ ਇੱਕ ਪੀੜਤ ਬੀਬੀ ਨੇ ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ ਹੈ। ਬੀਬੀ ਰੂਪ ਕੌਰ ਅਨੁਸਾਰ, ਉਸ ਬੀਬੀ ਨੇ ਆਪਣਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਬੀਬੀ ਰੂਪ ਕੌਰ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਅਪੀਲ ਕੀਤੀ ਕਿ ਇਸ ਨੂੰ ਸੰਵੇਦਨਸ਼ੀਲ ਮਾਮਲਾ ਸਮਝਦਿਆਂ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਹੋਣ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਪ੍ਰਸ਼ਾਸਨ ਨੂੰ ਪਹਿਲਾਂ ਤੋਂ ਹੀ ਪਤਾ ਹੈ ਕਿ ਪੀੜਤ ਬੀਬੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਜਾਣਾ ਹੈ, ਤਾਂ ਅਜਿਹੇ ਸਮੇਂ ਸੁਰੱਖਿਆ ਪ੍ਰਬੰਧਾਂ ਵਿੱਚ ਕਮੀ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਜਲਦ ਜਵਾਬ ਦੇਣ ਦੀ ਮੰਗ ਕੀਤੀ। ਬੀਬੀ ਰੂਪ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਟਾਸਕ ਫੋਰਸ ਅਤੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਪੀੜਤ ਬੀਬੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਉੱਥੇ ਸੁਰੱਖਿਅਤ ਮਾਹੌਲ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਉਹ ਕਿਸੇ ਵੀ ਪੀੜਤ ਬੀਬੀ ਨੂੰ ਉੱਥੇ ਲੈ ਕੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਬੀਬੀ ਦੀ ਜਾਨ ਨੂੰ ਖ਼ਤਰੇ ਵਿੱਚ ਨਹੀਂ ਪਾਉਣਾ ਚਾਹੁੰਦੇ ਅਤੇ ਇਸੇ ਕਰਕੇ ਉਨ੍ਹਾਂ ਲਈ ਪੀੜਤਾਂ ਦੀ ਸੁਰੱਖਿਆ ਸਭ ਤੋਂ ਵੱਧ ਅਹਿਮ ਹੈ।
ਉਨ੍ਹਾਂ ਨੇ ਪੰਥਕ ਸੋਚ ਰੱਖਣ ਵਾਲੀਆਂ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਇਸ ਮਾਮਲੇ ਵਿੱਚ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੀੜਤ ਬੀਬੀਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਹੋ ਰਹੇ ਤਸ਼ੱਦਦ ਅਤੇ ਦਬਾਅ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਬੀਬੀ ਰੂਪ ਕੌਰ ਨੇ ਕਿਹਾ ਕਿ ਸਬੰਧਤ ਬੀਬੀ ਆਪਣੀ ਸੁਰੱਖਿਆ ਯਕੀਨੀ ਹੋਣ ’ਤੇ ਖੁਦ ਸਾਹਮਣੇ ਆ ਕੇ ਸਬੂਤ ਸੌਂਪਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੀੜਤ ਬੀਬੀਆਂ ਨੂੰ ਸੁਰੱਖਿਅਤ ਮਾਹੌਲ ਨਹੀਂ ਦਿੱਤਾ ਜਾਂਦਾ, ਤਾਂ ਉਹ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਣਗੇ ਅਤੇ ਉਪਲਬਧ ਸਬੂਤਾਂ ਦੇ ਆਧਾਰ ’ਤੇ ਲੋਕਾਂ ਸਾਹਮਣੇ ਮਾਮਲਾ ਰੱਖਣਗੇ। ਬੀਬੀ ਰੂਪ ਕੌਰ ਨੇ ਪ੍ਰਸ਼ਾਸਨ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਕਥਿਤ ਤੌਰ ’ਤੇ ਰੁਕਾਵਟ ਕਿਸ ਦੇ ਕਹਿਣ ’ਤੇ ਪਾਈ ਜਾ ਰਹੀ ਹੈ ਅਤੇ ਇਸ ਦੇ ਪਿੱਛੇ ਕੀ ਕਾਰਨ ਹਨ। ਉਨ੍ਹਾਂ ਡੀ.ਜੀ.ਪੀ. ਪੰਜਾਬ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਉਨ੍ਹਾਂ ਨੂੰ ਜਵਾਬ ਦਿੱਤਾ ਜਾਵੇ, ਤਾਂ ਜੋ ਉਹ ਸੁਰੱਖਿਅਤ ਢੰਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਸਕਣ।
Read More: ਅਮਰਜੀਤ ਸਿੰਘ ਚਾਵਲਾ ਵਿਰੁੱਧ ਕਥਿਤ ਬ.ਲਾ.ਤ.ਕਾ.ਰ ਮਾਮਲੇ ਦੀ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ




