July 7, 2024 5:40 pm
Bhagwant Mann

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐੱਮਐੱਸਪੀ ਨੂੰ ਲੈ ਕੇ ਕਿਸਾਨਾਂ ਲਈ ਵੱਡਾ ਐਲਾਨ

ਚੰਡੀਗੜ੍ਹ 06 ਮਈ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਸੂਬੇ ਦੇ ਲੋਕਾਂ ਨੂੰ ਪਾਣੀ ਦੇ ਬਚਾਅ ਲਈ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ | ਇਸਦੇ ਨਾਲ ਹੀ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਫਸਲੀ ਚੱਕਰ ਤੋਂ ਛੁਟਕਾਰਾ ਪਾਉਣ ਲਈ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਹੁਣ ਮੂੰਗੀ ਅਤੇ ਬਾਸਮਤੀ ਦੀਆਂ ਫਸਲਾਂ ‘ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਸਾਨਾਂ ਨੂੰ ਮੂੰਗੀ ਦੀ ਕਾਸ਼ਤ ਕਰਨ ਦਾ ਸੁਝਾਅ ਦਿੱਤਾ ਹੈ ਜੋ ਘੱਟ ਪਾਣੀ ਦੀ ਵਰਤੋਂ ਕਰਕੇ ਸਿਰਫ 55 ਦਿਨਾਂ ਵਿੱਚ ਸੰਭਵ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਬਿਜਾਈ ਮਾਨਸੂਨ ਵਿੱਚ ਹੀ ਕਰਨ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਵਾਸੀਆਂ ਦੇ ਸਹਿਯੋਗ ਦੀ ਮੰਗ ਕੀਤੀ।

ਸੀ ਐੱਮ ਮਾਨ ਵੀਰਵਾਰ ਨੂੰ ਸਿੱਖ ਪੰਥ ਦੇ ਮਹਾਨ ਯੋਧੇ ਜੱਸਾ ਸਿੰਘ ਰਾਮਗੜ੍ਹੀਆ ਦੇ 299ਵੇਂ ਜਨਮ ਦਿਨ ‘ਤੇ ਪੀ.ਏ.ਯੂ. ਕੇ.ਡਾ.ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਹ ਪਿਛਲੇ ਕਈ ਦਿਨਾਂ ਤੋਂ ਖੇਤੀ ਮਾਹਿਰਾਂ ਨਾਲ ਲਗਾਤਾਰ ਸਲਾਹ ਮਸ਼ਵਰਾ ਕਰ ਰਹੇ ਹਨ ਕਿਉਂਕਿ ਇਹ ਸੰਵੇਦਨਸ਼ੀਲ ਮੁੱਦਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਸਿੱਧਾ ਜੁੜਿਆ ਹੋਇਆ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਹਾਲਤ ਚਿੰਤਾਜਨਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕਾਂ ਵੱਲੋਂ ਦਿੱਤੀ ਤਾਕਤ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੀ ਕੀਤੀ ਜਾਵੇਗੀ।