July 8, 2024 1:04 am
Sukhbir singh Badal

ਸੁਖਬੀਰ ਬਾਦਲ ਨੇ ਗੋਲਡੀ ਦੇ ਪੱਖ ‘ਚ ਪ੍ਰਚਾਰ ਦੌਰਾਨ ਕੀਤੇ ਵੱਡੇ ਐਲਾਨ

ਚੰਡੀਗੜ੍ਹ 23 ਜਨਵਰੀ 2022: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਸੰਗਰੂਰ (Sangrur) ਹਲਕੇ ਤੋਂ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ (Vinerjit Singh Goldy) ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪੁੱਜੇ। ਇਸ ਮੌਕੇ ‘ਤੇ ਜਨਤਾ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਨ੍ਹਾਂ ਦੇ ਨੀਲੇ ਕਾਰਡ ਕੱਟੇ ਗਏ ਹਨ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪਹਿਲੇ ਮਹੀਨੇ ਦੇ ਅੰਦਰ-ਅੰਦਰ ਸਾਰਿਆਂ ਦੇ ਕਾਰਡ ਬਣਾ ਦਿੱਤੇ ਜਾਣਗੇ।

ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ (Sukhbir Singh Badal) ਕਿਹਾ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਦੀਆਂ ਮੋਹਰੀ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਹਰ ਘਰ ਵਿੱਚ ਪ੍ਰਤੀ ਮਹੀਨਾ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਕੋਲ ਜ਼ਮੀਨ ਨਹੀਂ ਹੈ, ਉਨ੍ਹਾਂ ਨੂੰ ਪਹਿਲੇ 3 ਮਹੀਨਿਆਂ ਦੇ ਅੰਦਰ-ਅੰਦਰ 5-5 ਮਰਲੇ ਜ਼ਮੀਨ ਦਿੱਤੀ ਜਾਵੇਗੀ ਅਤੇ ਭਾਈ ਘਨਈਆ ਸਕੀਮ ਦੁਬਾਰਾ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਵਿਧਾਨ ਸਭਾ ਹਲਕੇ ਵਿੱਚ ਗਰੀਬਾਂ ਲਈ 5000 ਘਰ ਬਣਾਏ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕਿਸਾਨ ਪਰਿਵਾਰਾਂ ਕੋਲ ਕੋਈ ਟਿਊਬਵੈੱਲ ਕੁਨੈਕਸ਼ਨ ਨਹੀਂ ਹੈ, ਉਨ੍ਹਾਂ ਨੂੰ ਸਰਕਾਰ ਬਣਨ ਦੇ ਪਹਿਲੇ ਮਹੀਨੇ ਦੇ ਅੰਦਰ-ਅੰਦਰ ਟਿਊਬਵੈੱਲ ਕੁਨੈਕਸ਼ਨ ਦੇ ਦਿੱਤਾ ਜਾਵੇਗਾ। ਸੁਖਬੀਰ ਬਾਦਲ ਨੇ ਇਸ ਮੌਕੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਪਿਛਲੇ ਸਾਲਾਂ ਦੌਰਾਨ ਕੁਝ ਨਹੀਂ ਕੀਤਾ ਅਤੇ ਪੰਜਾਬ ‘ਚ ਜੋ ਕੁਝ ਵੀ ਹੋਇਆ ਹੈ, ਉਹ ਅਕਾਲੀ ਦਲ ਦੀ ਸਰਕਾਰ ਨੇ ਸਮੇਂ ਸਿਰ ਕੀਤਾ ਹੈ।