ਚੰਡੀਗੜ੍ਹ 11 ਅਪ੍ਰੈਲ 2022: ਪੰਜਾਬ (Punjab) ਸਰਕਾਰ ਨੇ ਆਪਣੀਆਂ ਪਿਛਲੀ ਕੈਬਨਿਟ ਮੀਟਿੰਗਾਂ ‘ਚ ਕਈ ਅਹਿਮ ਫੈਸਲੇ ਲਏ ਹਨ | ਇਸਦੇ ਚੱਲਦੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 13 ਅਪ੍ਰੈਲ 2022 ਦਿਨ ਬੁੱਧਵਾਰ ਸਵੇਰੇ 11 ਵਜੇ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸ ਦਈਏ ਕਿ, ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਪੰਜਾਬ ਕੈਬਨਿਟ (Punjab Cabinet) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਿਚ 31 ਮਾਰਚ ਨੂੰ ਮੁੱਖ ਮੰਤਰੀ ਦਫਤਰ ਵਿਖੇ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਸਾਲ 2022-23, ਦੇ 1 ਅਪ੍ਰੈਲ ਤੋਂ 30 ਜੂਨ ਤੱਕ ਦੇ ਸਮੇਂ ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਦੇ ਅਨੁਸਾਰ ਤਿੰਨ ਮਹੀਨੇ ਲਈ ਨਵਿਆਈ ਇਸ ਆਬਕਾਰੀ ਨੀਤੀ ਦੇ ਤਹਿਤ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਾਰ ਰੱਖਣ ਦੇ ਮਕਸਦ ਨਾਲ ਮੌਜੂਦਾ ਲਾਇਸੈਂਸ ਧਾਰਕ ਜੋ ਆਪਣੇ ਗਰੁੱਪ/ਜੋਨ ਲਈ ਵਿੱਤੀ ਸਾਲ 2021-22 ਨਾਲੋਂ ਘੱਟੋ-ਘੱਟ ਗਰੰਟੀ ਮਾਲੀਏ ਉੱਪਰ 1.75 ਫੀਸਦ ਵਾਧੂ ਦੇਣ ਨੂੰ ਤਿਆਰ ਹਨ, ਉਹ ਕਾਰੋਬਰੀ ਆਪਣਾ ਕੰਮ ਜਾਰੀ ਰੱਖ ਸਕਣਗੇ।ਜਦਕਿ ਸ਼ਰਾਬ ਦੇ ਠੇਕਿਆਂ ਦੇ ਗਰੁੱਪਾਂ/ਜੋਨਾਂ ਦੀ ਗਿਣਤੀ ਪਹਿਲਾਂ ਵਾਲੀ ਹੀ ਰਹੇਗੀ।