ਬਿਹਾਰ, 29 ਅਗਸਤ 2025: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਹਿਲਾ ਸਸ਼ਕਤੀਕਰਨ ਸਬੰਧੀ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 2005 ‘ਚ ਸੱਤਾ ਸੰਭਾਲਣ ਤੋਂ ਬਾਅਦ ਬਿਹਾਰ ਸਰਕਾਰ ਨੇ ਔਰਤਾਂ ਨੂੰ ਆਤਮਨਿਰਭਰ ਬਣਾਉਣ ਲਈ ਕਈ ਕਦਮ ਚੁੱਕੇ ਹਨ ਅਤੇ ਹੁਣ ਇਸ ਦਿਸ਼ਾ ‘ਚ ਇੱਕ ਇਤਿਹਾਸਕ ਫੈਸਲਾ ਲਿਆ ਗਿਆ ਹੈ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਐਕਸ ਅਕਾਊਂਟ (ਪਹਿਲਾਂ ਟਵਿੱਟਰ) ‘ਤੇ ਮਹਿਲਾ ਸਸ਼ਕਤੀਕਰਨ ਸਬੰਧੀ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਲਿਖਿਆ ਕਿ ਨਵੰਬਰ 2005 ‘ਚ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਔਰਤਾਂ ਨੂੰ ਸਸ਼ਕਤ ਅਤੇ ਆਤਮਨਿਰਭਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹੁਣ ਔਰਤਾਂ ਆਪਣੀ ਮਿਹਨਤ ਨਾਲ ਨਾ ਸਿਰਫ਼ ਸੂਬੇ ਦੇ ਵਿਕਾਸ ‘ਚ ਯੋਗਦਾਨ ਪਾ ਰਹੀਆਂ ਹਨ, ਸਗੋਂ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤ ਕਰ ਰਹੀਆਂ ਹਨ।
ਬਿਹਾਰ ਕੈਬਨਿਟ ਬੈਠਕ ‘ਚ ਮਿਲੀ ਪ੍ਰਵਾਨਗੀ
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਇਸ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ, ਕੈਬਨਿਟ ਬੈਠਕ ‘ਚ ‘ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਦਾ ਉਦੇਸ਼ ਰਾਜ ਦੇ ਹਰ ਪਰਿਵਾਰ ਦੀ ਇੱਕ ਔਰਤ ਨੂੰ ਆਪਣੀ ਪਸੰਦ ਦਾ ਰੁਜ਼ਗਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੇ ਮੁੱਖ ਨੁਕਤੇ
ਹਰ ਪਰਿਵਾਰ ਦੀ ਇੱਕ ਔਰਤ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦਿੱਤੇ ਜਾਣਗੇ।
ਅਰਜ਼ੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਹੋਵੇਗੀ, ਜੋ ਕਿ ਪੇਂਡੂ ਵਿਕਾਸ ਵਿਭਾਗ ਵੱਲੋਂ ਕਰਵਾਈ ਜਾਵੇਗੀ। ਸ਼ਹਿਰੀ ਵਿਕਾਸ ਅਤੇ ਰਿਹਾਇਸ਼ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇਗਾ।
ਸਤੰਬਰ 2025 ਤੋਂ ਔਰਤਾਂ ਦੇ ਬੈਂਕ ਖਾਤਿਆਂ ‘ਚ ਸਿੱਧੇ ਫੰਡ ਟ੍ਰਾਂਸਫਰ ਸ਼ੁਰੂ ਹੋ ਜਾਣਗੇ।
ਰੋਜ਼ਗਾਰ ਸ਼ੁਰੂ ਕਰਨ ਦੇ ਛੇ ਮਹੀਨਿਆਂ ਬਾਅਦ ਔਰਤਾਂ ਨੂੰ 2 ਲੱਖ ਰੁਪਏ ਤੱਕ ਦੀ ਵਾਧੂ ਸਹਾਇਤਾ ਦਿੱਤੀ ਜਾ ਸਕਦੀ ਹੈ।
ਔਰਤਾਂ ਦੇ ਉਤਪਾਦਾਂ ਦੀ ਵਿਕਰੀ ਲਈ ਪਿੰਡ ਤੋਂ ਸ਼ਹਿਰ ਤੱਕ ਹਾਟ ਬਾਜ਼ਾਰ ਵਿਕਸਤ ਕੀਤੇ ਜਾਣਗੇ।
ਰੋਜ਼ਗਾਰ ਅਤੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰੇਗੀ। ਇਸਦੇ ਨਾਲ ਹੀ ਸੂਬੇ ਦੇ ਅੰਦਰ ਹੀ ਬਿਹਤਰ ਰੁਜ਼ਗਾਰ ਦੇ ਮੌਕੇ ਉਪਲਬੱਧ ਹੋਣਗੇ, ਤਾਂ ਜੋ ਲੋਕਾਂ ਨੂੰ ਮਜਬੂਰੀ ‘ਚ ਬਾਹਰ ਨਾ ਜਾਣਾ ਪਵੇ।
Read More: ਬਿਹਾਰ ਸਰਕਾਰ ਦੀ ਕੈਬਨਿਟ ਬੈਠਕ ‘ਚ ਕੁੱਲ 26 ਏਜੰਡਿਆਂ ਨੂੰ ਮਨਜ਼ੂਰੀ