ਚੰਡੀਗੜ੍ਹ, 18 ਅਪ੍ਰੈਲ 2023: ਸੁਪਰੀਮ ਕੋਰਟ ਬਿਲਕਿਸ ਬਾਨੋ ਕੇਸ (Bilkis Bano) ਦੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨ ‘ਤੇ 2 ਮਈ ਨੂੰ ਸੁਣਵਾਈ ਕਰੇਗੀ। ਕੇਂਦਰ ਅਤੇ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ । ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬਿਲਕਿਸ ਮਾਮਲੇ ‘ਚ ਕੈਦ ਦੌਰਾਨ ਦੋਸ਼ੀਆਂ ਨੂੰ ਰਿਹਾਅ ਕਰਨ ‘ਤੇ ਸਵਾਲ ਚੁੱਕਿਆ ਹੈ ।
ਇਸਦੇ ਨਾਲ ਹੀ ਕਿਹਾ ਕਿ ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਇਸ ‘ਤੇ ਵਿਚਾਰ ਕਰਨਾ ਚਾਹੀਦਾ ਸੀ। ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ 2 ਮਈ ਨੂੰ ਅੰਤਿਮ ਨਿਪਟਾਰੇ ਲਈ ਸੂਚੀਬੱਧ ਕੀਤਾ ਹੈ।
ਜਿਕਰਯੋਗ ਹੈ ਕਿ ਪੀੜਤਾ ਬਿਲਕਿਸ ਬਾਨੋ (Bilkis Bano) ਤੋਂ ਇਲਾਵਾ ਸਮਾਜਿਕ ਕਾਰਕੁਨ ਸੁਭਾਸ਼ਿਨੀ ਅਲੀ ਅਤੇ ਟੀਐਮਸੀ ਨੇਤਾ ਮਹੂਆ ਮੋਇਤਰਾ ਨੇ ਮਾਮਲੇ ਦੇ 11 ਦੋਸ਼ੀਆਂ ਨੂੰ ਰਿਹਾਅ ਕਰਨ ਦੇ ਗੁਜਰਾਤ ਸਰਕਾਰ ਦੇ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਬਿਲਕਿਸ ਬਾਨੋ ਨੇ ਪਿਛਲੇ ਸਾਲ 30 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਉਮਰ ਕੈਦ ਵਿੱਚੋਂ 11 ਜਣਿਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।