ਸੰਗਰੂਰ, 19 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਲੋਕਾਂ ‘ਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ ‘ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ‘ਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ‘ਚ ਵੀ ਨਾਕਾਮ ਰਹੀ ਹੈ |
ਮੁੱਖ ਮੰਤਰੀ ਨੇ ਕਿਹਾ, “ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚੱਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ‘ਚ ਸਥਿਤੀ ਇੰਨੀ ਗੰਭੀਰ ਨਹੀਂ ਹੈ।”
ਉਨ੍ਹਾਂ ਨੇ ਕਿਹਾ, “ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਲਏ ਜਾਣ ਵਾਲੇ ਹਰੇਕ ਛੋਟੇ ਤੋਂ ਛੋਟੇ ਫੈਸਲੇ ਲਈ ਅਮਰੀਕਾ ‘ਚ ਬੈਠੇ ਆਪਣੇ ਦੋਸਤਾਂ ਤੋਂ ਮਨਜ਼ੂਰੀ ਲੈਂਦੀ ਹੈ। ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਜਿੱਥੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੋਚ-ਸਮਝ ਕੇ ਖ਼ਰਚ ਕਰਨ ਦੀ ਤਾਕੀਦ ਕੀਤੀ ਜਾਂਦੀ ਹੈ ਅਤੇ ਉਹ ਆਪ ਐਸ਼ੋ-ਇਸ਼ਰਤ ‘ਚ ਰੁੱਝੇ ਹੋਏ ਹਨ। ਉਨ੍ਹਾਂ ਨੇ ਕਿਹਾ,“ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਦੌਰਿਆਂ ਵਿੱਚ ਮਸ਼ਰੂਫ਼ ਹਨ, ਪਰ ਦੇਸ਼ ਵਾਸੀਆਂ ਨੂੰ ਵਿਦੇਸ਼ ਯਾਤਰਾ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਨ। ਪ੍ਰਧਾਨ ਮੰਤਰੀ ਨੇ ਪਿਛਲੇ 14 ਸਾਲਾਂ ‘ਚ ਕੀਤੇ ਇੰਨੇ ਵਿਦੇਸ਼ੀ ਦੌਰਿਆਂ ਤੋਂ ਹੋਈਆਂ ਪ੍ਰਾਪਤੀਆਂ ਦੀ ਜਾਣਕਾਰੀ ਕਦੇ ਵੀ ਮੀਡੀਆ, ਦੇਸ਼ ਜਾਂ ਸੰਸਦ ਨਾਲ ਸਾਂਝੀ ਨਹੀਂ ਕੀਤੀ”।
ਮੁੱਖ ਮੰਤਰੀ ਨੇ ਕਿਹਾ ਕਿ ,“ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ। ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ,”।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਬੇਬੁਨਿਆਦ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਚੁੱਕਿਆ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਉਠਾਇਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੀਆਂ ਲੋੜਾਂ ਪੂਰੀਆਂ ਕੀਤੇ ਜਾਣ ਬਾਰੇ ਭਰੋਸਾ ਵੀ ਦਿੱਤਾ ਹੈ ’’।
ਮੁੱਖ ਮੰਤਰੀ ਮਾਨ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਏਜੰਸੀਆਂ ਭਾਜਪਾ ਦੇ ਵਿੰਗਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ, “ਕੇਂਦਰ ਸਰਕਾਰ ਵੱਲੋਂ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਰਾਜਨੀਤਿਕ ਵਿਰੋਧੀਆਂ ’ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਭਗਵਾ ਪਾਰਟੀ ‘ਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ, ਭਾਜਪਾ ਦੇਸ਼ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਬਹੁਤ ਹੇਠਾਂ ਡਿੱਗ ਰਹੀ ਹੈ।”
Read More: ਪੰਜਾਬ ਪੁਲਿਸ ਦੀ ਅੰਮ੍ਰਿਤਸਰ ਵੱਡੀ ਕਾਰਵਾਈ, 2 ਵਿਅਕਤੀ ਹਥਿਆਰਾਂ ਸਣੇ ਗ੍ਰਿਫਤਾਰ




