ਚੰਡੀਗੜ੍ਹ, 13 ਦਸੰਬਰ 2023: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਬਿਕਰਮ ਸਿੰਘ ਮਜੀਠੀਆ ਤੇਂ ਬਾਅਦ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ (Boni Ajnala) ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇਹ ਮਾਮਲਾ ਦਸੰਬਰ 2021 ਵਿੱਚ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਬੀਤੇ ਦਿਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਕੀਤਾ ਗਿਆ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਬੋਨੀ ਪਟਿਆਲਾ ਰੇਂਜ ਦੇ ਏਡੀਜੀਪੀ ਕਮ ਐਸਆਈਟੀ ਇੰਚਾਰਜ ਮੁਖਵਿੰਦਰ ਸਿੰਘ ਛੀਨਾ ਨੂੰ ਮਿਲਣ ਲਈ ਜਾਣਗੇ।
ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ਤੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇਸ ਸਬੰਧੀ ਪੱਤਰ ਭੇਜਿਆ ਗਿਆ। ਉਸ ਪੱਤਰ ਦੀ ਇੱਕ ਕਾਪੀ ਥਾਣਾ ਰਣਜੀਤ ਐਵੇਨਿਊ ਦੇ ਮੁੱਖ ਅਫਸਰ ਨੂੰ ਵੀ ਭੇਜੀ ਗਈ ਹੈ ਜਿਸ ਵਿੱਚ ਹਦਾਇਤ ਕੀਤੀ ਗਈ ਹੈ ਕਿ 20 ਦਸੰਬਰ 2021 ਨੂੰ ਥਾਣਾ ਪੰਜਾਬ ਸਟੇਟ ਕ੍ਰਾਈਮ ਮੁਹਾਲੀ ਵੱਲੋਂ ਐਨਡੀਪੀਐਸ ਐਕਟ ਹੇਠ ਦਰਜ ਕੀਤੇ ਗਏ ਕੇਸ ਵਿੱਚ ਜਾਂਚ ਕਰ ਰਹੀ ਸਿੱਟ ਵੱਲੋਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਪਟਿਆਲਾ ਰੇਂਜ ਦਫਤਰ ਵਿਖੇ ਸੰਮਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ (Boni Ajnala) ਇਸੇ ਸਾਲ ਫਰਵਰੀ ਮਹੀਨੇ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ । ਉਹ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦਾ ਪੁੱਤਰ ਹਨ |