ਚੰਡੀਗੜ੍ਹ 26 ਅਪ੍ਰੈਲ 2022: ਪੰਜਾਬ ਸਰਕਾਰ ਨੇ ਦਿੱਲੀ ਸਰਕਾਰ ਨਾਲ ਸਮਝੌਤਾ ਕੀਤਾ ਹੈ ਅਤੇ ਇਸ ਸਮਝੌਤੇ ਤਹਿਤ ਦਿੱਲੀ ਸਰਕਾਰ ਦੇ ਅਧਿਕਾਰੀ ਪੰਜਾਬ ਦੇ ਅਧਿਕਾਰੀਆਂ ਨੂੰ ਸਲਾਹ ਦੇਣਗੇ। ਇਹ ਬਿਆਨ ਭਾਜਪਾ ਆਗੂ ਹਰਜੀਤ ਗਰੇਵਾਲ (Harjeet Grewal) ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਤਿੱਖੇ ਸਵਾਲ ਕਰਦਿਆਂ ਦਿੱਤਾ ਹੈ |ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਬੈਠ ਕੇ ਪੰਜਾਬ ਨੂੰ ਕੰਟਰੋਲ ਕਰਨਾ ਚਾਹੁੰਦੇ ਹਨ, ਅੱਜ ਤੱਕ ਕਦੇ ਵੀ ਇੱਕ ਸੂਬੇ ਨੇ ਦੂਜੇ ਸੂਬੇ ਨਾਲ ਅਜਿਹਾ ਸਮਝੌਤਾ ਨਹੀਂ ਕੀਤਾ। ਇਹ ਪੰਜਾਬੀਆਂ ਦਾ ਅਪਮਾਨ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਪੰਜਾਬੀ ਦੇਸ਼ ਦੇ ਨਾਲ-ਨਾਲ ਕਈ ਵਿਦੇਸ਼ਾਂ ਦੀਆਂ ਸਰਕਾਰਾਂ ਵਿਚ ਸ਼ਾਮਲ ਹਨ ਅਤੇ ਉਥੋਂ ਦੀਆਂ ਸਰਕਾਰਾਂ ਚਲਾ ਰਹੇ ਹਨ। ਇਸ ਸਮਝੌਤੇ ਨੇ ਪੂਰੇ ਪੰਜਾਬ ਨੂੰ ਸ਼ਰਮਸ਼ਾਰ ਕੀਤਾ ਹੈ ਕਿ ਸਾਨੂੰ ਦਿੱਲੀ ਦੀ ਸਲਾਹ ਲੈਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਇਸ ਮਾਮਲੇ ਨੂੰ ਲੋਕਾਂ ਤੱਕ ਪਹੁੰਚਾਵਾਂਗੇ। ਅਰਵਿੰਦ ਕੇਜਰੀਵਾਲ, ਪ੍ਰਧਾਨ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਦਿਲਚਸਪੀ ਮੁੱਖ ਮੰਤਰੀ ਬਣਨ ਵਿੱਚ ਨਹੀਂ ਸਗੋਂ ਪ੍ਰਧਾਨ ਮੰਤਰੀ ਬਣਨ ਵਿੱਚ ਹੈ।