ਚੰਡੀਗੜ੍ਹ, 22 ਸਤੰਬਰ 2023: ਭਾਜਪਾ ਸੰਸਦ ਰਮੇਸ਼ ਬਿਧੂੜੀ (MP Ramesh Bidhuri) ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰ ਦਾਨਿਸ਼ ਅਲੀ ਵਿਰੁੱਧ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰਨ ਲਈ ਬਿਧੂਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਸੂਤਰਾਂ ਦੇ ਮੁਤਾਬਕ ਇਹ ਨੋਟਿਸ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਨਿਰਦੇਸ਼ਾਂ ‘ਤੇ ਬਿਧੂੜੀ ਨੂੰ ਭੇਜਿਆ ਗਿਆ ਸੀ। ਬਿਧੂੜੀ ਨੇ ਵੀਰਵਾਰ ਨੂੰ ਲੋਕ ਸਭਾ ‘ਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰ ਦਾਨਿਸ਼ ਅਲੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਸਦਨ ਦੇ ਉਪ ਆਗੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ‘ਤੇ ਅਫਸੋਸ ਪ੍ਰਗਟ ਕੀਤਾ ਸੀ।
ਚੰਦਰਯਾਨ-3 ਦੀ ਸਫਲਤਾ ਅਤੇ ਪੁਲਾੜ ਖੇਤਰ ‘ਚ ਭਾਰਤ ਦੀਆਂ ਪ੍ਰਾਪਤੀਆਂ ‘ਤੇ ਚਰਚਾ ‘ਚ ਹਿੱਸਾ ਲੈਂਦੇ ਹੋਏ ਬਿਧੂੜੀ ਨੇ ਅਲੀ ਖ਼ਿਲਾਫ਼ ਕੁਝ ਟਿੱਪਣੀਆਂ ਕੀਤੀਆਂ ਸਨ। ਦਾਨਿਸ਼ ਅਲੀ ਨੇ ਕੱਲ੍ਹ ਕਿਹਾ ਸੀ ਕਿ ਭਾਜਪਾ ਮੈਂਬਰ ਨੂੰ ਆਪਣੀ ਟਿੱਪਣੀ ਲਈ ਮੁਆਫੀ ਮੰਗਣੀ ਚਾਹੀਦੀ ਹੈ। ਪ੍ਰਧਾਨਗੀ ਚੇਅਰਮੈਨ ਕੋਡੀਕੁਨਿਲ ਸੁਰੇਸ਼ ਨੇ ਬਿਧੂੜੀ ਦੇ ਇਤਰਾਜ਼ਯੋਗ ਸ਼ਬਦਾਂ ਨੂੰ ਰਿਕਾਰਡ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਸਨ।
ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਨੇ ਭਾਜਪਾ ਮੈਂਬਰ ਰਮੇਸ਼ ਬਿਧੂੜੀ (MP Ramesh Bidhuri) ਨੂੰ ਇਤਰਾਜ਼ਯੋਗ ਟਿੱਪਣੀਆਂ ਲਈ ਨੋਟਿਸ ਦਿੱਤਾ ਸੀ। ਉਨ੍ਹਾਂ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਵੀ ਇਹ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜਣ ਦੀ ਬੇਨਤੀ ਕੀਤੀ ਸੀ।