July 4, 2024 9:10 pm
BJP

ਭਾਜਪਾ ਵੱਲੋਂ ਨਵਾਂਸ਼ਹਿਰ, ਖਰੜ ਅਤੇ ਬਲਾਚੌਰ ‘ਚ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ

ਨਵਾਂਸ਼ਹਿਰ/ਖਰੜ/ਬਲਾਚੌਰ 2024 : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਨੇ ਅੱਜ ਜਨ ਸੰਪਰਕ ਮੁਹਿੰਮ ਸ਼ੁਰੂ ਕਰਦਿਆਂ ਵਿਧਾਨ ਸਭਾ ਹਲਕਾ ਖਰੜ, ਬਲਾਚੌਰ ਅਤੇ ਨਵਾਂਸ਼ਹਿਰ ਵਿਖੇ ਵਰਕਰ ਕਾਨਫਰੰਸਾਂ ਕੀਤੀਆਂ |

ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ 1 ਜੂਨ ਨੂੰ ਪੂਰਾ ਪੰਜਾਬ ਵਿਕਸਤ ਭਾਰਤ ਲਈ ਵੋਟ ਕਰੇਗਾ। ਪੰਜਾਬ ਸਰਕਾਰ ‘ਤੇ ਹਮਲਾ ਕਰਦਿਆਂ ਸ਼ੇਖਾਵਤ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਦੋ ਸਾਲਾਂ ਤੋਂ ਪੰਜਾਬ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇੱਕੋ ਇੱਕ ਪ੍ਰਾਪਤੀ ਹੈ ਕਿ ਇਸ ਨੇ ਪੰਜਾਬ ਸਿਰ ਕਰਜ਼ੇ ਦੇ ਬੋਝ ਹੇਠ ਦੱਬ ਦਿੱਤਾ ਹੈ।

ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦਾ ਮਾਲੀਆ ਨਹੀਂ ਵਧ ਰਿਹਾ ਅਤੇ ਸਰਕਾਰ ਕਰਜ਼ਾ ਲੈ ਕੇ ਰੁਟੀਨ ਦੇ ਪ੍ਰਸ਼ਾਸਨਿਕ ਕੰਮ ਕਰਨ ਲਈ ਮਜਬੂਰ ਹੈ। ਹੁਣ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਸਰਕਾਰ ਨੂੰ ਕਰਜ਼ੇ ਦੀ ਕਿਸ਼ਤ ਭਰਨ ਲਈ ਵੀ ਨਵਾਂ ਕਰਜ਼ਾ ਲੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਕਾਂਗਰਸ ਦੀਆਂ ਸਰਕਾਰਾਂ ਨੇ ਬਰਬਾਦ ਕੀਤਾ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਹਾਲਾਤ ਬਦ ਤੋਂ ਬਦਤਰ ਹਨ।

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਜ਼ਮਾਇਆ ਹੈ ਅਤੇ ਹੁਣ ਉਨ੍ਹਾਂ ਦੇ ਸਾਹਮਣੇ ਭਾਜਪਾ ਹੀ ਇੱਕ ਵਧੀਆ ਵਿਕਲਪ ਬਣ ਕੇ ਉੱਭਰੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਨਾਂ ਕਿਸੇ ਭੇਦਭਾਵ ਦੇ ਸਬਕਾ ਸਾਥ-ਸਬਕਾ ਵਿਕਾਸ ਦੇ ਸਿਧਾਂਤ ‘ਤੇ ਦੇਸ਼ ਦਾ ਸਰਬਪੱਖੀ ਵਿਕਾਸ ਕੀਤਾ ਹੈ। ਅੱਜ ਸੜਕਾਂ, ਰੇਲਵੇ ਅਤੇ ਹਵਾਈ ਮਾਰਗਾਂ ਵਿੱਚ ਬੁਨਿਆਦੀ ਢਾਂਚਾਗਤ ਵਿਕਾਸ ਹੋਇਆ ਹੈ। ਭਾਰਤ ਦੇਸ਼-ਵਿਦੇਸ਼ ਵਿੱਚ ਮਸ਼ਹੂਰ ਹੈ। ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਇੱਕ ਵਿਕਸਤ ਦੇਸ਼ ਬਣ ਜਾਵੇਗਾ ਤਾਂ ਪੰਜਾਬ ਨੂੰ ਸਭ ਤੋਂ ਵੱਧ ਲਾਭ ਹੋਵੇਗਾ।

ਵਰਕਰ ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਭਾਜਪਾ (BJP) ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨੌਜਵਾਨਾਂ, ਔਰਤਾਂ ਅਤੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ | ਡਾ: ਸ਼ਰਮਾ ਨੇ ਕਿਹਾ ਕਿ ਸੂਬੇ ਦੀ ਮਾੜੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸਰਕਾਰਾਂ ਦੀ ਦਿਸ਼ਾਹੀਣਤਾ ਕਾਰਨ ਸੂਬੇ ‘ਚੋਂ ਉਦਯੋਗਾਂ ਦਾ ਵੱਡੇ ਪੱਧਰ ‘ਤੇ ਪਲਾਇਨ ਹੋਇਆ ਹੈ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਤਾਂ ਦੂਰ, ਸੂਬੇ ‘ਚ ਬੇਰੁਜ਼ਗਾਰੀ ਵੀ ਵਧ ਗਈ ਹੈ |

ਹਰ ਰੋਜ਼ ਹਜ਼ਾਰਾਂ ਨੌਜਵਾਨਾਂ ਦਾ ਵਿਦੇਸ਼ ਜਾਣਾ ਇਸੇ ਦਾ ਨਤੀਜਾ ਹੈ। ਆਪ ਪਾਰਟੀ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਤੋਂ ਅਸਮਰੱਥ ਹੈ, ਜਿਸ ਕਾਰਨ ਉਹ ਔਰਤਾਂ ਨੂੰ ਪੈਨਸ਼ਨ ਦੇਣ ਬਾਰੇ ਸੋਚ ਵੀ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਅਤੇ ਖੁਸ਼ਹਾਲ ਪੰਜਾਬ ਦਾ ਇੱਕੋ-ਇੱਕ ਰਾਹ ਦੇਸ਼ ਵਿੱਚ ਮੁੜ ਮੋਦੀ ਸਰਕਾਰ ਬਣਾਉਣਾ ਹੈ ਅਤੇ ਪੰਜਾਬ ਨੂੰ ਇਸ ਵਿੱਚ ਆਪਣੀਆਂ 13 ਸੀਟਾਂ ਵਿੱਚੋਂ 13 ਦਾ ਯੋਗਦਾਨ ਪਾਉਣਾ ਚਾਹੀਦਾ ਹੈ।

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਤੋਂ ਬਲਾਚੌਰ ਵਿੱਚ ਇੱਕ ਵੱਡਾ ਉਦਯੋਗਿਕ ਪ੍ਰੋਜੈਕਟ ਲੈ ਕੇ ਆਉਣਗੇ। ਇਸ ਮੌਕੇ ਪੱਤਰਕਾਰਾਂ ਵੱਲੋਂ ਇਲਾਕੇ ਦੇ ਵਿਕਾਸ ਅਤੇ ਉਦਯੋਗਾਂ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮੁੱਖ ਨਾ ਸਿਰਫ਼ ਇੱਕ ਵੱਡਾ ਪ੍ਰੋਜੈਕਟ ਲੈ ਕੇ ਆਉਣਗੇ ਸਗੋਂ ਇਸ ਦਾ ਹੱਲ ਵੀ ਕਰਨਗੇ।

ਮੌਜੂਦਾ ਉਦਯੋਗਾਂ ਅਤੇ ਕਾਰੋਬਾਰਾਂ ਦੀਆਂ ਸਮੱਸਿਆਵਾਂ ਨੂੰ ਵੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਾਲਸਾਈ ਜਾਹੋ ਜਲਾਲ ਵਾਲੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਸੈਰ ਸਪਾਟੇ ਦੀਆਂ ਬੇਅੰਤ ਸੰਭਾਵਨਾਵਾਂ ਹਨ, ਜਿਸ ਦਾ ਫਾਇਦਾ ਉਠਾਉਂਦੇ ਹੋਏ ਇਸ ਇਲਾਕੇ ਦਾ ਨਵੇਂ ਸਿਰੇ ਤੋਂ ਵਿਕਾਸ ਕੀਤਾ ਜਾਵੇਗਾ।