ਮੰਡੀਆਂ

BKU ਏਕਤਾ-ਉਗਰਾਹਾਂ ਵੱਲੋਂ ਪੰਜਾਬ ਦੀਆਂ 510 ਮੰਡੀਆਂ ‘ਚ ਝੋਨੇ ਦੀ ਖਰੀਦ ਬੰਦ ਕਰਨ ‘ਤੇ ਪੰਜਾਬ ਸਰਕਾਰ ਦੀ ਨਿਖੇਧੀ

ਚੰਡੀਗੜ੍ਹ, 14 ਨਵੰਬਰ 2023: ਪੰਜਾਬ ਦੀਆਂ 510 ਮੰਡੀਆਂ ਕਿਸਾਨ ਵਿਰੋਧੀ ਫੈਸਲਾ ਕਰਨ ਵਿਰੁੱਧ ਤਿੱਖਾ ਰੋਸ ਜ਼ਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਆਪ ਪਾਰਟੀ ਦੀ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਇੱਥੋਂ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਬਲਾਕ ਜਰਨਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਅਤੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾ ਇਹ ਮੰਡੀਆਂ ਤੁਰੰਤ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਇਸ ਫੈਸਲੇ ਰਾਹੀਂ ਬਿਨਾਂ ਵਜ੍ਹਾ ਸੈਂਕੜੇ ਮੰਡੀਆਂ ‘ਚ ਸਰਕਾਰੀ ਖਰੀਦ ਠੱਪ ਕਰਕੇ ਮਾਨ ਸਰਕਾਰ ਖੇਤੀ ਮੰਡੀਆਂ ਨੂੰ ਨਿੱਜੀ ਵਪਾਰੀਆਂ ਅਤੇ ਸਾਮਰਾਜੀ ਕਾਰਪੋਰੇਟਾਂ ਦੇ ਹਵਾਲੇ ਕਰਨ ਲਈ ਮੋਦੀ-ਮਾਰਕਾ ਕਾਲੇ ਖੇਤੀ ਕਾਨੂੰਨਾਂ ਵਾਲੀ ਨੀਤੀ ਲਾਗੂ ਕਰ ਰਹੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਮਜ਼ਬੂਰੀ ਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਨੂੰ ਜ਼ਬਰਦਸਤੀ ਰੋਕ ਕੇ ਅਤੇ ਪਹਿਲਾਂ ਬਿਜਲੀ ਲੇਟ ਦੇਣ ਰਾਹੀਂ ਪਛੇਤਾ ਝੋਨਾ ਬੀਜਣ ਲਈ ਮਜ਼ਬੂਰ ਕੀਤੇ ਗਏ, ਕਿਸਾਨਾਂ ਨੂੰ ਹੁਣ ਮੰਡੀਆਂ ਵਿੱਚ ਰੋਲ਼ ਕੇ ਮਾਨ ਸਰਕਾਰ ਕਣਕ ਦੀ ਬਿਜਾਈ ਹੋਰ ਵੀ ਪਛੇਤੀ ਕਰ ਰਹੀ ਹੈ। ਇਸ ਤਰ੍ਹਾਂ ਕਣਕ ਦਾ ਝਾੜ ਘਟੇਗਾ, ਜਿਹੜਾ ਕਰਜ਼-ਵਿੰਨ੍ਹੇ ਕਿਸਾਨਾਂ ਲਈ ਬਹੁਤ ਮਾਰੂ ਸਾਬਤ ਹੋਵੇਗਾ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਵਾਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੁਰੰਤ ਮੁੜ ਚਾਲੂ ਨਾ ਕੀਤੀ ਗਈ ਤਾਂ ਜਥੇਬੰਦੀ ਤਿੱਖਾ ਜਨਤਕ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਫੌਰੀ ਰੋਸ ਵਜੋਂ ਉਨ੍ਹਾਂ ਵੱਲੋਂ ਜਥੇਬੰਦੀ ਦੇ ਸਥਾਨਕ ਆਗੂਆਂ ਨੂੰ ਮੰਡੀਆਂ ‘ਚ ਰੁਲ਼ ਰਹੇ ਕਿਸਾਨਾਂ ਸਮੇਤ ਨੇੜਲੀਆਂ ਹਾਈਵੇ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ।

Scroll to Top