BKU Ugrahan

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਨੂੰ ‘ਖੇਤੀ ਨੀਤੀ’ ਐਲਾਨਣ ਲਈ 21 ਜਨਵਰੀ ਤੱਕ ਦਾ ਅਲਟੀਮੇਟਮ

ਬਠਿੰਡਾ, 25 ਦਸੰਬਰ 2023: ਭਾਰਤੀ ਕਿਸਾਨ ਯੂਨੀਅਨ ਏਕਤਾ ,ਉਗਰਾਹਾਂ (BKU Ugrahan) ਪੰਜਾਬ ਸਰਕਾਰ ਦੀ ਨਵੀਂ ‘ਕਿਸਾਨ ਪੱਖੀ ਖੇਤੀ ਨੀਤੀ’ 21 ਜਨਵਰੀ ਤੱਕ ਐਲਾਨਣ ਲਈ ਅਲਟੀਮੇਟਮ ਦਿੱਤਾ ਹੈ | ਇਸਦੇ ਨਾਲ ਹੀ ਯੂਨੀਅਨ ਨੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਤਾਂ ਪੰਜਾਬ ਸਰਕਾਰ ਨੂੰ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਪੰਜਾਬ ਸਰਕਾਰ ਨੂੰ ਉਸ ਦਾ ਵਾਅਦਾ ਯਾਦ ਦਿਵਾਇਆ ਅਤੇ ਖੇਤੀ ਨੀਤੀ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ 22 ਜਨਵਰੀ ਤੋਂ ਡੀਸੀ ਦਫ਼ਤਰਾਂ ਅੱਗੇ ਪੰਜ ਰੋਜ਼ਾ ਧਰਨੇ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ।

ਕਿਸਾਨ ਆਗੂਆਂ (BKU Ugrahan) ਨੇ ਸੂਬਾ ਕਮੇਟੀ ਦੀ ਬੈਠਕ ਵਿੱਚ ਵਿਚਾਰ ਤੋਂ ਬਾਅਦ ਇੱਥੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਖੇਤੀ ਨੀਤੀ ਐਲਾਨਣ ਲਈ ਕਹਿਣ ਪਿੱਛੇ ਜਥੇਬੰਦੀ ਦਾ ਉਦੇਸ਼ ਇਹ ਹੈ ਕਿ ਖੇਤੀ ਮਸਲੇ ਹੱਲ ਹੋ ਸਕਣ ਤੇ ਖੇਤੀ ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ’ਚੋਂ ਮੁਕਤ ਕਰਵਾਇਆ ਜਾ ਸਕੇ। ਉਨ੍ਹਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਬੇਜ਼ਮੀਨੇ, ਗਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਜ਼ਮੀਨ ਦੀ ਤੋਟ ਪੂਰੀ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕਰਨ, ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਉਣ, ਸੂਦਖੋਰੀ ਦਾ ਖਾਤਮਾ ਕਰਨ ਤੇ ਕਿਸਾਨਾਂ, ਮਜ਼ਦੂਰਾਂ ਦੇ ਕਰਜ਼ਿਆਂ ’ਤੇ ਲੀਕ ਮਾਰਨ ਦੀ ਗੱਲ ਵੀ ਕਹੀ।

ਕਿਸਾਨ ਆਗੂਆਂ ਨੇ ਹੋਰ ਮੰਗ ਕੀਤੀ ਕਿ ਨਹਿਰੀ ਪਾਣੀ ਹਰੇਕ ਖੇਤ ਤੱਕ ਪੁੱਜਦਾ ਕੀਤਾ ਜਾਵੇ। ਪਾਣੀ ਨੂੰ ਪਲੀਤ ਕਰਨ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਮੁੜ ਵਧਾਉਣ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਿੱਤਾ ਛੱਡ ਚੁੱਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਲਈ ਲਾਹੇਵੰਦ ਰੁਜ਼ਗਾਰ ਯਕੀਨੀ ਬਣਾਇਆ ਜਾਵੇ ਅਤੇ ਬਾਕੀ ਬੱਚਦੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਸਾਨ ਪੱਖੀ ਖੇਤੀ ਨੀਤੀਆਂ ਲਾਗੂ ਕਰਨ ਲਈ ਚੰਗੀ ਪੂੰਜੀ ਜੁਟਾਉਣ ਲਈ ਜਗੀਰਦਾਰਾਂ, ਸੂਦਖੋਰਾਂ ਅਤੇ ਕਾਰਪੋਰੇਟਾਂ ’ਤੇ ਸਿੱਧੇ ਅਤੇ ਮੋਟੇ ਟੈਕਸ ਲਾਉਣ ਦੀ ਨੀਤੀ ਤਿਆਰ ਕਰਨ ਦੀ ਸਲਾਹ ਵੀ ਦਿੱਤੀ।

Scroll to Top