Clean Drinking Water

ਬ੍ਰਮ ਸ਼ੰਕਰ ਜਿੰਪਾ ਨੇ 34 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 15 ਅਪ੍ਰੈਲ 2023: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਸਾਫ਼-ਸੁਥਰਾ ਪੀਣ ਯੋਗ ਪਾਣੀ (Clean Drinking Water) ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਅੱਜ ਵਾਰਡ ਨੰਬਰ 15 ਵਿਚ 34 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਟਿਊਬਵੈਲ ਦੇ ਕਾਰਜ ਦੀ ਸ਼ੁਰੂਆਤ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਵਲੋਂ ਟਿਊਬਵੈਲ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਿਊਬਵੈਲ ਲੱਗਣ ਤੋਂ ਬਾਅਦ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ (Clean Drinking Water) ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਘਰ ਨਲ ਅਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇ।

ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

ਇਸ ਮੌਕੇ ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਐਕਸੀਅਨ ਜਲ ਸਪਲਾਈ ਵਿਭਾਗ ਸਿਮਰਨਜੀਤ ਸਿੰਘ ਖਾਂਬਾ, ਕੌਂਸਲਰ ਚੰਦਰਾਵਤੀ, ਕਾਮਰੇਡ ਗੰਗਾ ਪ੍ਰਸ਼ਾਦ, ਚੰਦਨ ਲੱਕੀ, ਮੋਹਨ ਲਾਲ ਆਦਿ ਵੀ ਮੌਜੂਦ ਸਨ।

Scroll to Top