ਚੰਡੀਗੜ੍ਹ, 20 ਜੁਲਾਈ 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ (Brij Bhushan Sharan) ਅਤੇ ਮਹਾਸੰਘ ਦੇ ਸਹਾਇਕ ਸਕੱਤਰ ਵਿਨੋਦ ਤੋਮਰ ਸਿੰਘ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦੋਵਾਂ ਨੂੰ 25-25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ। ਦਸਤਾਵੇਜ਼ਾਂ ਦੀ ਪੜਤਾਲ ਲਈ ਅਗਲੀ ਸੁਣਵਾਈ ਦੀ ਤਾਰੀਖ਼ 28 ਜੁਲਾਈ ਤੈਅ ਕੀਤੀ ਗਈ ਹੈ।
ਅਦਾਲਤ ਨੇ ਬ੍ਰਿਜ ਭੂਸ਼ਣ (Brij Bhushan Sharan) ਨੂੰ ਜ਼ਮਾਨਤ ਦਿੰਦੇ ਹੋਏ ਕਈ ਸ਼ਰਤਾਂ ਲਗਾਈਆਂ ਹਨ। ਅਦਾਲਤ ਨੇ ਕਿਹਾ ਕਿ ਦੋਸ਼ੀ ਸ਼ਿਕਾਇਤਕਰਤਾਵਾਂ ਜਾਂ ਗਵਾਹਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਪ੍ਰਭਾਵਿਤ ਨਹੀਂ ਕਰੇਗਾ। ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡਣਗੇ।
ਦੂਜੇ ਪਾਸੇ ਸੁਣਵਾਈ ਦੌਰਾਨ ਪੀੜਤਾਂ ਦੇ ਵਕੀਲ ਨੇ ਜ਼ਮਾਨਤ ਦੇਣ ‘ਤੇ ਇਤਰਾਜ਼ ਜਤਾਇਆ ਹੈ । ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸਿਆਸੀ ਤੌਰ ‘ਤੇ ਤਾਕਤਵਰ ਹਨ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।
ਬ੍ਰਿਜਭੂਸ਼ਣ ਦੇ ਵਕੀਲ ਨੇ ਇਸ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਗਵਾਹਾਂ ਨੂੰ ਧਮਕਾਉਣ ਵਰਗੀ ਕੋਈ ਗੱਲ ਹੁਣ ਤੱਕ ਨਹੀਂ ਹੋਈ ਹੈ। ਵੈਸੇ ਜੇਕਰ ਅਦਾਲਤ ਵੱਲੋਂ ਅਜਿਹੀ ਕੋਈ ਸ਼ਰਤ ਲਗਾਈ ਜਾਂਦੀ ਹੈ ਤਾਂ ਅਸੀਂ ਉਸ ਦੀ ਪੂਰੀ ਤਰ੍ਹਾਂ ਪਾਲਣਾ ਕਰਾਂਗੇ। ਜਿਕਰਯੋਗ ਹੈ ਕਿ 18 ਜੁਲਾਈ ਨੂੰ ਅਦਾਲਤ ਨੇ ਬ੍ਰਿਜ ਭੂਸ਼ਣ ਅਤੇ ਕੇਂਦਰੀ ਸਕੱਤਰ ਵਿਨੋਦ ਤੋਮਰ ਨੂੰ ਦੋ ਦਿਨਾਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਬ੍ਰਿਜ ਭੂਸ਼ਣ ਖਿਲਾਫ 6 ਬਾਲਗ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਚਾਰਜਸ਼ੀਟ ਪੇਸ਼ ਕਰ ਚੁੱਕੀ ਹੈ |