Farmers

ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ BSF ਤਾਇਨਾਤ, ਚੰਡੀਗੜ੍ਹ ‘ਚ ਧਾਰਾ 144 ਲਾਗੂ

ਚੰਡੀਗੜ੍ਹ, 12 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ (Farmers) ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। ਮਿਲੀ ਜਾਣਕਾਰੀ ਮੁਤਾਬਕ 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਕੂਚ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਨੇ ਪੂਰੀ ਤਿਆਰੀ ਨਾਲ ਬਿਆਸ ਤੋਂ ਮਾਰਚ ਕੀਤਾ। ਕਿਸਾਨ ਆਪਣੇ ਨਾਲ ਅਨਾਜ, ਪਾਣੀ, ਬਿਸਤਰੇ ਅਤੇ ਹੋਰ ਸਮਾਨ ਲੈ ਕੇ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਦੀ ਬੈਠਕ ‘ਚ ਕੋਈ ਹੱਲ ਨਾ ਨਿਕਲਿਆ ਤਾਂ ਅਸੀਂ ਸਾਰਾ ਸਮਾਨ ਲੈ ਕੇ ਦਿੱਲੀ ਵੱਲ ਰਵਾਨਾ ਹੋਵਾਂਗੇ।

ਮਿਲੀ ਜਾਣਕਾਰੀ ਮੁਤਾਬਕ ਐਤਵਾਰ ਸ਼ਾਮ ਤੱਕ ਪੰਜਾਬ ਦੇ ਵੱਡੀ ਗਿਣਤੀ ਕਿਸਾਨ ਹਰਿਆਣਾ ਦੀ ਸਰਹੱਦ ‘ਤੇ ਇਕੱਠੇ ਹੋ ਚੁੱਕੇ ਸਨ। ਇਸ ਦੌਰਾਨ ਕਿਸਾਨਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸ਼ੰਭੂ ਸਰਹੱਦ ਤੋਂ ਬਾਅਦ ਹਰਿਆਣਾ ਪੁਲਿਸ ਤੇ ਪ੍ਰਸ਼ਾਸਨ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਝਰਮੜੀ ਸਰਹੱਦ ਨੂੰ ਵੀ ਬੰਦ ਕਰ ਦਿੱਤਾ ਹੈ ।

ਹਰਿਆਣਾ ਸਰਕਾਰ ਨੇ ਕਿਸਾਨਾਂ (Farmers) ਨੂੰ ਰੋਕਣ ਲਈ ਬੀਐਸਐਫ ਤਾਇਨਾਤ ਕਰ ਦਿੱਤੀ ਹੈ। ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਰੋਹਤਕ, ਸੋਨੀਪਤ, ਝੱਜਰ, ਜੀਂਦ, ਕੁਰੂਕਸ਼ੇਤਰ, ਕੈਥਲ, ਅੰਬਾਲਾ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਤੇ ਪੰਚਕੂਲਾ ਸ਼ਾਮਲ ਹਨ।

ਇਸ ਤੋਂ ਇਲਾਵਾ ਸੱਤ ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਤੇ ਡੱਬਵਾਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਵੀ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਗਈਆਂ ਹਨ। ਬਿਆਸ ‘ਤੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ ਸਮੇਤ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਕਈ ਕਿਸਾਨ ਰਸਤੇ ਵਿੱਚ ਉਕਤ ਸੰਘਰਸ਼ ਦਾ ਹਿੱਸਾ ਬਣ ਰਹੇ ਹਨ।

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ ਇਹ ਸੰਘਰਸ਼ ਬਿਆਸ ਤੋਂ ਸ਼ੁਰੂ ਕਰਕੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਜਾਮ ਲਗਾਵਾਂਗੇ। ਸਾਡੀਆਂ ਮੰਗਾਂ ਇੱਕੋ ਹਨ- ਐਮਐਸਪੀ ਗਾਰੰਟੀ ਕਾਨੂੰਨ, ਗੰਨੇ ਨੂੰ ਸੀ-200 ਨਾਲ ਜੋੜਿਆ ਜਾਵੇ। ਪੰਧੇਰ ਨੇ ਕਿਹਾ ਕਿ ਭਾਰਤ ਦੇ ਹਰ ਸੂਬੇ ਤੋਂ ਕਿਸਾਨ ਸੰਘਰਸ਼ ਕਰਨ ਲਈ ਦਿੱਲੀ ਪਹੁੰਚ ਰਹੇ ਹਨ। ਸਭ ਤੋਂ ਵੱਧ ਕਿਸਾਨ ਪੰਜਾਬ, ਹਰਿਆਣਾ, ਬਿਹਾਰ, ਤਾਮਿਲਨਾਡੂ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆ ਰਹੇ ਹਨ। ਕਿਸਾਨ ਭਲਕੇ ਹਰ ਤਰ੍ਹਾਂ ਨਾਲ ਦਿੱਲੀ ਵੱਲ ਮਾਰਚ ਕਰਨਗੇ।

ਕਿਸਾਨਾਂ ਨੇ ਕਿਹਾ ਹੈ ਕਿ ਅਸੀਂ ਲੜਨ ਵਾਲੇ ਨਹੀਂ ਹਾਂ ਪਰ ਹਰਿਆਣਾ ਵਿੱਚ ਜਾਣਬੁੱਝ ਕੇ ਅਜਿਹੇ ਹਲਾਤ ਪੈਦਾ ਕੀਤੇ ਜਾ ਰਹੇ ਹਨ। ਇੱਕ ਪਾਸੇ ਗੱਲਬਾਤ ਚੱਲ ਰਹੀ ਹੈ, ਦੂਜੇ ਪਾਸੇ ਹਰਿਆਣਾ ਸਰਕਾਰ ਇੰਟਰਨੈੱਟ ਬੰਦ ਕਰਨ ਵਰਗੇ ਕਦਮ ਚੁੱਕ ਰਹੀ ਹੈ। ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਕੇਂਦਰੀ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਐਸਕੇਐਮ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।

ਕਿਸਾਨਾਂ ਨੇ ਇਸ ਸਬੰਧੀ ਦੇਰ ਰਾਤ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਬੈਠਕ ਵਿੱਚ ਜਾਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਬੈਠਕ ਕੀਤੀ ਸੀ। ਜਿਸ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਨੇ ਸ਼ਿਰਕਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਵਾਅਦਿਆਂ ਦੀ ਚਰਚਾ ਕੀਤੀ ਗਈ।

Scroll to Top