ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2024 ਲਈ ਅੰਤਰਿਮ ਬਜਟ (Budget) ਦਾ ਐਲਾਨ ਕਰ ਰਹੇ ਹਨ। ਇਸ ਬਜਟ ਵਿੱਚ ਬੀਬੀਆਂ, ਨੌਜਵਾਨਾਂ, ਕਿਸਾਨਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਬਜਟ ‘ਚ ਵਿੱਤ ਮੰਤਰੀ ਨੇ ਕਿਹਾ, ‘9 ਕਰੋੜ ਬੀਬੀਆਂ ਨਾਲ ਜੁੜੇ 83 ਲੱਖ ਸਵੈ-ਸਹਾਇਤਾ ਸਮੂਹਾਂ ਨੇ ਇਕ ਕਰੋੜ ਬੀਬੀਆਂ ਨੂੰ ਲਖਪਤੀ ਦੀਦੀ ਬਣਾਉਣ ‘ਚ ਮੱਦਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਲਖਪਤੀ ਦੀਦੀ ਲਈ ਟੀਚਾ 2 ਕਰੋੜ ਰੁਪਏ ਤੋਂ ਵਧਾ ਕੇ 3 ਕਰੋੜ ਰੁਪਏ ਕਰ ਦਿੱਤਾ ਗਿਆ ਹੈ। 9 ਤੋਂ 14 ਸਾਲ ਤੱਕ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਦਾ ਟੀਕਾ ਲਗਾਇਆ ਜਾਵੇਗਾ। ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਪੋਸ਼ਣ 2.0 ਲਾਗੂ ਕੀਤਾ ਜਾਵੇਗਾ ਅਤੇ ਟੀਕਾਕਰਨ ਨੂੰ ਮਜ਼ਬੂਤ ਕੀਤਾ ਜਾਵੇਗਾ। ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ।
ਕਿਸਾਨਾਂ ਲਈ ਇਨ੍ਹਾਂ ਸਕੀਮਾਂ ਦਾ ਐਲਾਨ
ਬਜਟ (Budget) ਭਾਸ਼ਣ ਵਿੱਚ ਵਿੱਤ ਮੰਤਰੀ ਨੇ ਕਿਹਾ, ‘ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ ਤੋਂ 38 ਲੱਖ ਕਿਸਾਨਾਂ ਨੂੰ ਲਾਭ ਹੋਇਆ ਹੈ ਅਤੇ 10 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਾਢੀ ਤੋਂ ਬਾਅਦ ਦੇ ਨੁਕਸਾਨ ਨੂੰ ਰੋਕਣ ਲਈ ਯੋਜਨਾਵਾਂ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਖੇਤੀਬਾੜੀ ਖੇਤਰ ਵਿੱਚ ਨਿੱਜੀ ਅਤੇ ਜਨਤਕ ਖੇਤਰ ਦੀ ਭਾਗੀਦਾਰੀ ਨੂੰ ਮਜ਼ਬੂਤ ਕਰੇਗਾ। ਸਵੈ-ਨਿਰਭਰ ਤੇਲ ਬੀਜ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਤਹਿਤ ਨਵੀਂ ਖੇਤੀ ਤਕਨੀਕ ਅਤੇ ਖੇਤੀ ਬੀਮੇ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਡੇਅਰੀ ਕਿਸਾਨਾਂ ਲਈ ਰਾਸ਼ਟਰੀ ਗੋਕੁਲ ਮਿਸ਼ਨ ਵਰਗੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਮਤਸਯ ਸੰਪਦਾ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਸਮੁੰਦਰੀ ਭੋਜਨ ਦਾ ਉਤਪਾਦਨ ਦੁੱਗਣਾ ਹੋ ਗਿਆ ਹੈ। ਮਤਸਿਆ ਸੰਪਦਾ ਯੋਜਨਾ ਦੇ ਜ਼ਰੀਏ, ਉਤਪਾਦਕਤਾ ਨੂੰ ਪ੍ਰਤੀ ਹੈਕਟੇਅਰ ਤਿੰਨ ਤੋਂ ਪੰਜ ਟਨ ਤੱਕ ਵਧਾਇਆ ਜਾਵੇਗਾ। ਰੁਜ਼ਗਾਰ ਦੇ 55 ਲੱਖ ਨਵੇਂ ਮੌਕੇ ਪੈਦਾ ਹੋਣਗੇ। ਪੰਜ ਏਕੀਕ੍ਰਿਤ ਐਕਵਾ ਪਾਰਕ ਬਣਾਏ ਜਾਣਗੇ।