ਚੰਡੀਗੜ੍ਹ, 08 ਅਪ੍ਰੈਲ 2023: ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਓਕਲਾਹੋਮਾ ਯੂਨੀਵਰਸਿਟੀ (University of Oklahoma) ਅਤੇ ਕੈਰੋਲੀਨਾ ਬੀਚ ‘ਤੇ ਇਕ ਸਮਾਗਮ ਦੌਰਾਨ ਗੋਲੀਬਾਰੀ ਦੀ ਖ਼ਬਰ ਹੈ। ਇਸ ਵਾਰ ਯੂਨੀਵਰਸਿਟੀ ਦੇ ਕੈਂਪਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਮੀਡਿਆ ਖਬਰਾਂ ਦੇ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਇੱਕ ਸ਼ੂਟਰ ਨੇ ਇਸ ਦੇ ਨਾਰਮਨ ਕੈਂਪਸ ਵਿੱਚ ਦਾਖਲ ਹੋ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਯੂਨੀਵਰਸਿਟੀ ਨੇ ਸੋਸ਼ਲ ਮੀਡੀਆ ਰਾਹੀਂ ਹੀ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ।
ਯੂਨੀਵਰਸਿਟੀ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਸ਼ੂਟਰ ਵੈਨ ਵਿਚ ਆਇਆ ਅਤੇ ਕੈਂਪਸ ਵਿਚ ਗੋਲੀਬਾਰੀ ਕੀਤੀ। ਪੋਸਟ ਨੇ ਪੁਲਿਸ ਅਧਿਕਾਰੀਆਂ ਤੋਂ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਲੋਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਸਾਊਥ ਓਵਲ ਖੇਤਰ ਵਿੱਚ ਨਾ ਆਉਣ ਅਤੇ ਆਲੇ-ਦੁਆਲੇ ਦੇ ਲੋਕ ਲੁਕੇ ਰਹਿਣ। ਬਾਅਦ ਵਿੱਚ ਯੂਨੀਵਰਸਿਟੀ ਵੱਲੋਂ ਦੱਸਿਆ ਗਿਆ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ ਚਲਾਉਣ ਵਾਲੇ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਵੀ ਕਿਹਾ ਗਿਆ ਹੈ।