ਬਨੂੜ 13 ਅਕਤੂਬਰ 2024 : ਬਨੂੜ ਤੋਂ ਇੱਕ ਬਹੁਤ ਹੀ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੱਸ ਸਟੈਂਡ ਦੀ ਸੁੰਨਸਾਨ ਇਮਾਰਤ ਵਿੱਚ ਇਕੱਲੀ ਸੌਂ ਰਹੀ 50 ਸਾਲਾ ਔਰਤ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਤੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਸੁਨੀਤਾ ਰਾਣੀ ਨਾਲ ਪਿਛਲੇ 15 ਸਾਲਾਂ ਤੋਂ ਇਸ ਇਮਾਰਤ ਵਿੱਚ ਰਹਿ ਰਿਹਾ ਸੀ। ਦੋਵੇਂ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾ ਰਹੇ ਸਨ। ਮੰਗਲਵਾਰ ਨੂੰ ਉਹ ਬਰਵਾਲਾ (ਹਰਿਆਣਾ) ‘ਚ ਕੰਮ ‘ਤੇ ਗਿਆ ਹੋਇਆ ਸੀ। ਬੀਤੀ ਰਾਤ ਮੇਰੀ ਪਤਨੀ ਨਾਲ ਫੋਨ ‘ਤੇ ਗੱਲ ਹੋਈ। ਰਜਿੰਦਰ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਹ ਆਪਣੀ ਪਤਨੀ ਨੂੰ ਫੋਨ ਕਰ ਰਿਹਾ ਸੀ ਪਰ ਉਹ ਫੋਨ ਨਹੀਂ ਚੁੱਕ ਰਹੀ ਸੀ। ਜਦੋਂ ਉਹ ਇਮਾਰਤ ਕੋਲ ਪਹੁੰਚਿਆ ਤਾਂ ਉਸ ਦੀ ਪਤਨੀ ਦੀ ਖੂਨ ਨਾਲ ਲੱਥਪੱਥ ਲਾਸ਼ ਉਥੇ ਪਈ ਸੀ।
ਉਸ ਨੇ ਤੁਰੰਤ ਆਪਣੀ ਧੀ ਅਤੇ ਆਸ-ਪਾਸ ਰਹਿੰਦੇ ਹੋਰ ਲੋਕਾਂ ਨੂੰ ਘਟਨਾ ਦੀ ਸੂਚਨਾ ਦਿੱਤੀ। ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਮੁਖੀ ਗੁਰਸੇਵਕ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਐੱਸ.ਪੀ.ਡੀ. ਯੋਗੇਸ਼ ਸ਼ਰਮਾ, ਡੀ.ਐਸ.ਪੀ. ਰਾਜਪੁਰਾ ਮਨਜੀਤ ਸਿੰਘ, ਸੀ.ਆਈ.ਏ ਇੰਸਪੈਕਟਰ ਸਮਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਫੋਰੈਂਸਿਕ ਮਾਹਿਰਾਂ ਦੀ ਟੀਮ ਮੌਕੇ ‘ਤੇ ਪਹੁੰਚੀ, ਜੋ ਜਾਂਚ ‘ਚ ਜੁਟੀ ਹੋਈ ਹੈ। ਐੱਸ.ਪੀ.ਡੀ. ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਆਪਸੀ ਰੰਜ਼ਿਸ਼ ਜਾਪਦੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।




