PAPRA Act 1995

ਪਾਪਰਾ ਐਕਟ 1995’ ‘ਚ ਸੋਧ ਨਾਲ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਤੇ ਲੋਕਾਂ ਨੂੰ ਮਿਲੇਗੀ ਰਾਹਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 04 ਸਤੰਬਰ 2024: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) (PAPRA Act 1995) ‘ਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ ਹੈ ਅਤੇ ਇਸਦੀ ਸ਼ਲਾਘਾ ਕੀਤੀ ਹੈ ।

ਪੰਜਾਬ ਵਿਧਾਨ ਸਭਾ ‘ਚ ਇਸ ਸੋਧ ਦੇ ਹੱਕ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਵੱਲ ਇੱਕ ਅਹਿਮ ਕਦਮ ਹੈ, ਜਿੰਨ੍ਹਾਂ ਨੂੰ 31 ਜੁਲਾਈ, 2024 ਤੋਂ ਪਹਿਲਾਂ ਲਿਖਤੀ ਸਮਝੌਤੇ ਤਹਿਤ ਖਰੀਦੇ ਗਏ ਆਪਣੇ ਛੋਟੇ-ਛੋਟੇ ਪਲਾਟਾਂ ਲਈ ਹੁਣ ਐਨ.ਓ.ਸੀ ਦੀ ਪ੍ਰਕਿਰਿਆ ਦਾ ਬੋਝ ਨਹੀਂ ਸਹਨਾ ਪਵੇਗਾ। ਵਿੱਤ ਮੰਤਰੀ ਚੀਮਾ ਨੇ ਇਸ ਸੋਧ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ |

ਵਿੱਤ ਮੰਤਰੀ ਨੇ ਕਿਹਾ ਕਿ 1995 ‘ਚ ਬਣੇ ਪਾਪਰਾ ਐਕਟ (PAPRA Act 1995)  ਦਾ ਉਦੇਸ਼ ਅਣਅਧਿਕਾਰਤ ਕਲੋਨੀਆਂ ਨੂੰ ਰੋਕਣਾ ਸੀ, ਪਰ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਇਹ ਨਜਾਇਜ਼ ਕਲੋਨੀਆਂ ਵੱਡੇ ਪੱਧਰ ‘ਤੇ ਫੈਲ ਗਈਆਂ ਜਿੰਨ੍ਹਾਂ ‘ਚ ਪਾਣੀ ਦੀ ਸਪਲਾਈ, ਸੀਵਰੇਜ ਅਤੇ ਲੋੜੀਂਦੇ ਚੌੜੇ ਰਸਤਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਕਲੋਨੀਆਂ ਧੋਖੇਬਾਜ਼ ਗਤੀਵਿਧੀਆਂ ਦਾ ਅੱਡਾ ਬਣੀਆਂ ਹੋਈਆਂ ਹਨ, ਜਿੱਥੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਇਸ ਸੋਧ ਦੇ ਨਾਲ 500 ਗਜ਼ ਤੱਕ ਦੇ ਪਲਾਟਾਂ ਨੂੰ ਹੁਣ ਐਨ.ਓ.ਸੀ ਦੀ ਲੋੜ ਨਹੀਂ ਹੋਵੇਗੀ ਅਤੇ ਉਹ ਬਿਨਾਂ ਕਿਸੇ ਮੁਸ਼ਕਲ ਦੇ ਬਿਜਲੀ ਕੁਨੈਕਸ਼ਨ, ਸੀਵਰੇਜ ਅਤੇ ਰਜਿਸਟਰੀ ਵਰਗੀਆਂ ਬੁਨਿਆਦੀ ਲੋੜਾਂ ਪੂਰੀਆਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਰਕਾਰੀ ਖਜ਼ਾਨੇ ਲਈ ਮਾਲੀਆ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਰਕਾਰ ਵੱਲੋਂ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਜਾਵੇਗਾ।

 

Scroll to Top