July 5, 2024 1:38 am
Partap Bajwa

ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਕੇ ‘ਆਪ’ ਨੇ ਮੰਨਿਆ ਕਿ ਇਜਲਾਸ ਗੈਰ-ਕਾਨੂੰਨੀ ਸੀ: ਪ੍ਰਤਾਪ ਬਾਜਵਾ

ਚੰਡੀਗੜ੍ਹ, 20 ਅਕਤੂਬਰ 2023: ਵਿਰੋਧੀ ਧਿਰ ਦੇ ਆਗੂ, ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਅਚਾਨਕ ਅਣਮਿਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਦੇ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਵੀਕਾਰ ਕੀਤਾ ਹੈ ਕਿ ਸਦਨ ਦਾ ਇਜਲਾਸ ਗੈਰ-ਕਾਨੂੰਨੀ ਸੀ।

ਇਸ ਤੋਂ ਪਹਿਲਾਂ ਬਾਜਵਾ ਨੇ ਸਪੀਕਰ ਨੂੰ ਸਪਸ਼ਟ ਕਰਨ ਲਈ ਕਿਹਾ ਕਿ ਕੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇਤਰਾਜ਼ ਤੋਂ ਬਾਅਦ ਅੱਜ ਸ਼ੁਰੂ ਹੋਇਆ ਦੋ ਰੋਜ਼ਾ ਵਿਧਾਨ ਸਭਾ ਇਜਲਾਸ ਕਾਨੂੰਨੀ ਸੀ। ਬਾਜਵਾ ਨੇ ਸਦਨ ਦੇ ਇਜਲਾਸ ਨੂੰ ਵਿਅਰਥ ਅਤੇ ਪੰਜਾਬ ਦੇ ਖ਼ਜ਼ਾਨੇ ਦੀ ਪੂਰੀ ਬਰਬਾਦੀ ਕਰਾਰ ਦਿੱਤਾ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਹੁਣ ਰਾਜਪਾਲ ਦੇ ਉਸ ਪੱਤਰ, ਜਿਸ ਵਿਚ ਉਨ੍ਹਾਂ ਨੇ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ, ਵਿਰੁੱਧ ਸੁਪਰੀਮ ਕੋਰਟ ਜਾਣ ਦੀ ਯੋਜਨਾ ਬਣਾ ਰਹੀ ਹੈ। ਜੇ ਇਸ ਨੇ ਇਸ ਮੁੱਦੇ ਨੂੰ ਸੁਪਰੀਮ ਕੋਰਟ ਵਿੱਚ ਲਿਜਾਣਾ ਸੀ ਤਾਂ ਇਸ ਨੇ ਸਦਨ ਦਾ ਇਜਲਾਸ ਕਿਉਂ ਬੁਲਾਇਆ?

ਉਨ੍ਹਾਂ ਕਿਹਾ ਕਿ ਅਸੀਂ ਸਦਨ ਦੇ ਇਜਲਾਸ ਦਾ ਬਾਈਕਾਟ ਨਹੀਂ ਕੀਤਾ ਕਿਉਂਕਿ ਅਸੀਂ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਉਸਾਰੂ ਚਰਚਾ ਦੀ ਉਮੀਦ ਕਰ ਰਹੇ ਸੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੇ ਤੱਕ ਐਸਵਾਈਐਲ ਨਹਿਰ ਸਰਵੇਖਣ ‘ਤੇ ਆਪਣੀ ਸਰਕਾਰ ਦਾ ਸਟੈਂਡ ਸਪਸ਼ਟ ਨਹੀਂ ਕੀਤਾ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਹਾਲ ਹੀ ਵਿੱਚ ‘ਆਪ’ ਸਰਕਾਰ ਵੱਲੋਂ ਕੀਤੀਆਂ ਗਈਆਂ ਕੁਝ ਕਾਰਵਾਈਆਂ ਪੰਜਾਬ ਨਾਲ ਗ਼ੱਦਾਰੀ ਸਾਬਤ ਹੋਈਆਂ ਹਨ। ਕਰਨਾਲ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸਤਲੁਜ ਯਮੁਨਾ ਲਿੰਕ ਨਹਿਰ ਸਰਵੇਖਣ ਨੂੰ ਲੈ ਕੇ ਪੰਜਾਬ ਦੀ ਪਿੱਠ ‘ਤੇ ਚਾਕੂ ਮਾਰਿਆ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਵਿਸ਼ੇਸ਼ ਅਧਿਕਾਰਾਂ ਦੀ ਮਜ਼ਬੂਤੀ ਨਾਲ ਰੱਖਿਆ ਕਰਨ ਦੀ ਬਜਾਏ ਪਾਠਕ ਨੇ ਹਰਿਆਣਾ ਦਾ ਪੱਖ ਲੈਂਦੇ ਹੋਏ ਦਾਅਵਾ ਕੀਤਾ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਮਿਲਣਾ ਚਾਹੀਦਾ ਹੈ।

ਬਾਜਵਾ (Partap Bajwa)  ਨੇ ਕਿਹਾ ਕਿ ਇਸ ਤੋਂ ਪਹਿਲਾਂ ‘ਆਪ’ ਪੰਜਾਬ ਸਰਕਾਰ ਨੇ ‘ਆਪ’ ਹਰਿਆਣਾ ਮੁਹਿੰਮ ਕਮੇਟੀ ਦੇ ਚੇਅਰਮੈਨ ਡਾ. ਅਸ਼ੋਕ ਤੰਵਰ ਸਮੇਤ ‘ਆਪ’ ਹਰਿਆਣਾ ਦੇ ਅਹੁਦੇਦਾਰਾਂ ਨੂੰ ਸਤਲੁਜ ਯਮੁਨਾ ਲਿੰਕ ਨਹਿਰ ‘ਤੇ ਪੰਜਾਬ ਵਿਰੋਧੀ ਏਜੰਡੇ ਦਾ ਪ੍ਰਚਾਰ ਕਰਨ ਲਈ ਇੱਕ ਮੰਚ ਮੁਹੱਈਆ ਕਰਵਾਇਆ ਸੀ।

ਕਾਦੀਆਂ ਦੇ ਵਿਧਾਇਕ ਨੇ ਕਿਹਾ ਕਿ ਹਾਲ ਹੀ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ‘ਆਪ’ ਸਰਕਾਰ ਨੇ ਆਪਣੇ ਵਕੀਲ ਰਾਹੀਂ ਐਡਵੋਕੇਟ ਜਨਰਲ ਦੇ ਦਫ਼ਤਰ ਵੱਲੋਂ ਦਿੱਤੀ ਗਈ ਬ੍ਰੀਫਿੰਗ ‘ਤੇ ਸਪਸ਼ਟ ਤੌਰ ‘ਤੇ ਪੰਜਾਬ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਇੱਛਾ ਜ਼ਾਹਿਰ ਕੀਤੀ ਸੀ। ਸੁਪਰੀਮ ਕੋਰਟ ਵਿੱਚ ‘ਆਪ’ ਸਰਕਾਰ ਦੇ ਵਕੀਲ ਨੇ ਵਿਰੋਧੀ ਪਾਰਟੀਆਂ ਅਤੇ ਕਿਸਾਨਾਂ ਨੂੰ ਐਸਵਾਈਐਲ ਨਹਿਰ ਦੀ ਉਸਾਰੀ ਦਾ ਵਿਰੋਧ ਕਰਨ ਲਈ ਜ਼ਿੰਮੇਵਾਰ ਠਹਿਰਾਇਆ।

ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਦੇ ਆਪਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਹੀ ਅਕਤੂਬਰ 2015 ‘ਚ ਬਹਿਬਲ ਕਲਾਂ ‘ਚ ਕਥਿਤ ਪੁਲਿਸ ਗੋਲੀਬਾਰੀ ਦੇ ਮਾਮਲੇ ‘ਚ ਇਨਸਾਫ਼ ਦਿਵਾਉਣ ‘ਚ ਅਸਫਲ ਰਹਿਣ ਲਈ ‘ਆਪ’ ਦੀ ਨਿੰਦਾ ਕਰ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਕੁੰਵਰ ਵਿਜੇ ਪ੍ਰਤਾਪ ਵੱਲੋਂ ਵੀਰਵਾਰ ਨੂੰ ਸੋਸ਼ਲ ਮੀਡੀਆ ਪੋਸਟ ਰਾਹੀਂ ਉਠਾਏ ਗਏ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਰਹੀ ਹੈ।