ਚੰਡੀਗੜ੍ਹ 21 ਅਕਤੂਬਰ 2022: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਭਿ੍ਸ਼ਟਾਚਾਰ-ਮੁਕਤ ਪ੍ਰਸ਼ਾਸਨ ਹੀ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਇਨ੍ਹਾਂ ਦੀ ਸੌਖ ਮੁਤਾਬਕ ਨੇੜਲੇ ਸਟੇਸ਼ਨਾਂ ਉਤੇ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨਵਨਿਯੁਕਤ ਮੁਲਾਜ਼ਮਾਂ ਨੂੰ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਇਲਾਵਾ 6 ਫ਼ੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਵੀ ਫ਼ੈਸਲਾ ਕੀਤਾ ਹੈ ਕਿਉਂਕਿ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਕਾਰਜਕਾਲ ਦੌਰਾਨ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।