July 2, 2024 10:50 pm
Dewan Todar Mall Haveli

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੀਵਾਨ ਟੋਡਰ ਮੱਲ ਹਵੇਲੀ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 07 ਜੁਲਾਈ 2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੁਜ਼ਗਾਰ ਉਤਪਤੀ ਤੇ ਟਰੇਨਿੰਗ ਮੰਤਰੀ, ਅਮਨ ਅਰੋੜਾ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ (Dewan Todar Mall Haveli) ਦੀ ਸਾਂਭ ਸੰਭਾਲ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਅਰੋੜਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਇਹ ਧਰਤੀ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਹੋਈ ਹੈ। ਦੀਵਾਨ ਟੋਡਰ ਮੱਲ (Dewan Todar Mall Haveli) ਉਸ ਵੇਲੇ ਮੋਹਰਾਂ ਖੜ੍ਹੀਆਂ ਕਰ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਅੰਤਿਮ ਸਸਕਾਰ ਲਈ ਜਗ੍ਹਾ ਖਰੀਦੀ ਤੇ ਉਹਨਾਂ ਦਾ ਨਾਂ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ।

ਅਰੋੜਾ ਨੇ ਕਿਹਾ ਕਿ ਇਸ ਧਰਤੀ ‘ਤੇ ਸਥਿਤ ਇਮਾਰਤਾਂ ਦੀ ਸਾਂਭ ਸੰਭਾਲ ਕਰ ਕੇ ਨੌਜਵਾਨ ਪੀੜ੍ਹੀ ਲਈ ਇੱਕ ਵਿਰਾਸਤ ਵਜੋਂ ਸਾਂਭਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਇਸ ਦੀ ਮਹੱਤਤਾ ਤੋਂ ਪ੍ਰੇਰਨਾ ਲੈ ਸਕੇ। ਦੀਵਾਨ ਟੋਡਰ ਮੱਲ ਹਵੇਲੀ ਵਰਗੀਆਂ ਇਤਿਹਾਸਕ ਇਮਾਰਤਾਂ ਸਾਡੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਕਰਨਾ ਸਾਡਾ ਫਰਜ਼ ਹੈ। ਦੀਵਾਨ ਟੋਡਰ ਮੱਲ ਨੂੰ ਇਤਿਹਾਸ ਵਿੱਚ ਵੱਖਰਾ ਸਥਾਨ ਹਾਸਲ ਹੈ ਅਤੇ ਉਨ੍ਹਾਂ ਦੀ ਵਿਰਾਸਤੀ ਹਵੇਲੀ ਸਾਨੂੰ ਅੱਜ ਵੀ ਹੱਕ ਤੇ ਸੱਚ ਲਈ ਲੜ੍ਹਨ ਦੀ ਪ੍ਰੇਰਨਾ ਦਿੰਦੀ ਹੈ।