Site icon TheUnmute.com

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਕਲਾ ਤੇ ਸੱਭਿਆਚਾਰ ਦੇ ਦੂਤ ਬਣਨ ਦਾ ਸੱਦਾ

Punjabi language

ਜਲੰਧਰ 02 ਨਵੰਬਰ 2022: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਪੰਜਾਬੀ ਭਾਸ਼ਾ (Punjabi language), ਕਲਾ ਅਤੇ ਸੱਭਿਆਚਾਰ ਦੇ ਦੂਤ ਬਣਨ ਦਾ ਸੱਦਾ ਦਿੱਤਾ। ਅੱਜ ਇੱਥੇ ਏਪੀਜੇ ਸਕੂਲ ਵਿਖੇ ‘ਇੰਟੈੱਕ ਕੁਇੱਜ਼ ਮੁਕਾਬਲੇ’ ਦੌਰਾਨ ਵਿਦਿਆਰਥੀਆਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਭਰ ਵਿੱਚ ਕੁਇੱਜ਼ ਮੁਕਾਬਲੇ ਸ਼ੁਰੂ ਕੀਤੇ ਜਾਣਗੇ, ਜਿਸ ਵਿੱਚ ਪ੍ਰਤੀਯੋਗੀਆਂ ਤੋਂ ਸੂਬੇ ਦੇ ਸੱਭਿਆਚਾਰ, ਭਾਸ਼ਾ, ਕਲਾ ਬਾਰੇ ਸਵਾਲ ਪੁੱਛੇ ਜਾਣਗੇ ਅਤੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਮੰਤਰੀ ਨੇ ਅੱਗੇ ਕਿਹਾ ਕਿ ਸਾਨੂੰ ਆਪਣੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ‘ਤੇ ਮਾਣ ਹੋਣਾ ਚਾਹੀਦਾ ਹੈ ਕਿਉਂਕਿ ਸਾਡੀਆਂ ਜੜ੍ਹਾਂ ਇਸ ਨਾਲ ਬਹੁਤ ਡੂੰਘੀਆਂ ਜੁੜੀਆਂ ਹੋਈਆਂ ਹਨ, ਇਸ ਲਈ ਸਾਨੂੰ ਆਪਣੀ ਸੱਭਿਆਚਾਰਕ ਪਛਾਣ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਦੁਨੀਆ ਭਰ ਦੀ ਸਭ ਤੋਂ ਅਮੀਰ ਅਤੇ ਮਿੱਠੀ ਭਾਸ਼ਾ ਹੈ ਅਤੇ ਇਸ ਭਾਸ਼ਾ ਨੂੰ ਸੰਭਾਲਣ ਅਤੇ ਵਿਸ਼ਵ ਭਰ ਵਿੱਚ ਫੈਲਾਉਣ ਲਈ ਸਾਰਿਆਂ ਨੂੰ ਮਿਲ ਕੇ ਸਖ਼ਤ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਸਿੱਖਿਆ ਸ਼ਾਸਤਰੀਆਂ ਅਤੇ ਬੁੱਧੀਜੀਵੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਸਾਡੇ ਸੂਬੇ ਦੇ ਸ਼ਾਨਦਾਰ ਸੱਭਿਆਚਾਰ, ਵਿਰਸੇ ਅਤੇ ਮਾਂ ਬੋਲੀ ਨੂੰ ਸੰਭਾਲਣ ਲਈ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਮਾਂ-ਬੋਲੀ ਲਈ ਪਿਆਰ ਅਤੇ ਸਨੇਹ ਰੱਖਦੇ ਹੋਏ ਕਰੀਅਰ ਦੇ ਨਜ਼ਰੀਏ ਤੋਂ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਚਾਹੀਦੀਆਂ ਹਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਮੇਜਰ ਜਨਰਲ (ਸੇਵਾ ਮੁਕਤ) ਬਲਵਿੰਦਰ ਸਿੰਘ ਅਤੇ ਏਪੀਜੇ ਸਕੂਲ ਦੇ ਪ੍ਰਿੰਸੀਪਲ ਗਿਰੀਸ਼ ਕੁਮਾਰ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਗਿਰੀਸ਼ ਕੁਮਾਰ ਨੇ ਦੱਸਿਆ ਕਿ ਇਸ ਕੁਆਲੀਫਾਇੰਗ ਮੁਕਾਬਲੇ ਵਿੱਚ ਅੱਠ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਗਿਆ, ਜਿਸ ਉਪਰੰਤ ਏਪੀਜੇ ਸਕੂਲ ਵੱਲੋਂ ਰਾਸ਼ਟਰ ਪੱਧਰ ਦੇ ਮੁਕਾਬਲੇ ਲਈ ਕੁਆਲੀਫਾਈ ਕੀਤਾ ਗਿਆ।

Exit mobile version