Anmol Gagan Mann

ਅਨਮੋਲ ਗਗਨ ਮਾਨ ਨੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1.75 ਲੱਖ ਰੁਪਏ ਦਿੱਤੇ

ਐਸ.ਏ.ਐਸ ਨਗਰ/ ਖਰੜ, 08 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰੇ ਕਰ ਰਹੀ ਹੈ ਤੇ ਪੂਰੀ ਸਾਫ ਨੀਅਤ ਨਾਲ ਲੋਕਾਂ ਲਈ ਕੰਮ ਕੀਤਾ ਜਾ ਰਿਹਾ ਹੈ। ਇਮਾਨਦਾਰੀ ਤੇ ਸੇਵਾ ਭਾਵਨਾ ਨਾਲ ਲੋਕਾਂ ਤੇ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਜਾਰੀ ਰਹੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਵੱਲੋਂ ਰਾਮ ਭਵਨ, ਖਰੜ ਵਿਖੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 154 ਪਰਿਵਾਰਾਂ ਨੂੰ ਕਰੀਬ 02 ਕਰੋੜ 70 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡਣ ਮੌਕੇ ਕੀਤਾ ਗਿਆ।

ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ 01.75 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਹ ਰਾਸ਼ੀ ਪੜਾਅਵਾਰ ਕਿਸ਼ਤਾਂ ਵਿਚ ਲਾਭਪਾਤਰੀ ਤੱਕ ਪੁੱਜਦੀ ਹੈ। ਪਹਿਲੀ ਕਿਸ਼ਤ 12,500, ਦੂਜੀ 01 ਲੱਖ ਰੁਪਏ, ਤੀਜੀ 32,500 ਰੁਪਏ ਅਤੇ 30 ਹਜ਼ਾਰ ਰੁਪਏ ਜਾਰੀ ਕੀਤੇ ਜਾਂਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਇਸ ਸਬੰਧੀ ਪੂਰੀ ਪ੍ਰਕਿਰਿਆ ਦੀ ਪਾਲਣਾ ਲਾਜ਼ਮੀ ਹੈ। ਪੜਾਅਵਾਰ ਕਿਸ਼ਤਾਂ ਜਾਰੀ ਹੁੰਦੀਆਂ ਹਨ ਤੇ ਹੋ ਰਹੇ ਕੰਮ ਦੀਆਂ ਪੜਾਅਵਾਰ ਫੋਟੋਆਂ ਪੋਰਟਲ ਉੱਤੇ ਅਪਲੋਡ ਕਰਨੀਆਂ ਹੁੰਦੀਆਂ ਹਨ, ਜਿਸ ਨੂੰ ਪੂਰਾ ਕਰਨ ਵਿਚ ਸਹਿਯੋਗ ਦਿੱਤਾ ਜਾਵੇ। ਉਹਨਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਹੜ੍ਹਾਂ ਕਰਨ ਹੋਏ ਨੁਕਸਾਨ ਦਾ ਮੁਆਵਜ਼ਾ ਲਗਾਤਾਰ ਦਿੱਤਾ ਜਾ ਰਿਹਾ ਹੈ ਤੇ ਹਲਕੇ ਵਿਚ 25 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਲਗਾਤਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨਾਲ ਕੀਤਾ ਹੋਇਆ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਵਾਸਤੇ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਹਰ ਇਕ ਇਨਸਾਨ ਦੀ ਬੁਨਿਆਦੀ ਲੋੜ ਹੈ, ਜਿਸ ਦੀ ਅਣਹੋਂਦ ਇਨਸਾਨ ਲਈ ਵੱਡੀ ਮੁਸ਼ਕਲ ਬਣਦੀ ਹੈ ਤੇ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਮਾਜ ਦੀ ਬੇਹਤਰੀ ਲਈ ਸਕਰਾਤਮਕ ਸੋਚ ਅਪਣਾ ਕੇ ਰੱਖਣ ਦੀ ਲੋੜ ਹੈ। ਉਹਨਾਂ ਕਿਹਾ ਕਿ ਗਲੀਆਂ, ਨਾਲੀਆਂ, ਸੜਕਾਂ ਤੇ ਮਕਾਨਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਸੂਬਾ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਸਹਿਯੋਗ ਦੇਣ ਤਾਂ ਜੋ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਦੌਰਾਨ ਐਸ.ਡੀ.ਐਮ ਰਵਿੰਦਰ ਸਿੰਘ, ਡੀ ਐਸ ਪੀ ਸ. ਕਰਨ ਸਿੰਘ ਸੰਧੂ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਲਾਭਪਾਤਰੀ ਅਤੇ ਪਤਵੰਤੇ ਹਾਜ਼ਰ ਸਨ।

Scroll to Top