Barinder Kumar Goyal

ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 21 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ, 25 ਜਨਵਰੀ 2025: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ 21 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਨ੍ਹਾਂ ਉਮੀਦਵਾਰਾਂ ‘ਚ 19 ਖੇਤੀਬਾੜੀ ਸਬ-ਇੰਸਪੈਕਟਰ, 01 ਜੂਨੀਅਰ ਡਰਾਫਟਸਮੈਨ ਅਤੇ 01 ਸੇਵਾਦਾਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਇਸ ਮੌਕੇ ਪੰਜਾਬ ਭਵਨ ਵਿਖੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਬਰਿੰਦਰ ਕੁਮਾਰ ਗੋਇਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੀਆਂ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਯੋਗ ਉਮੀਦਵਾਰਾਂ ਨੂੰ ਦਿੱਤੀਆਂ ਹਨ।

ਕੈਬਨਿਟ ਮੰਤਰੀ (Barinder Kumar Goyal) ਨੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਮਾਨਸਿਕਤਾ ਬਦਲ ਦਿੱਤੀ ਹੈ ਕਿਉਂਕਿ ਲੋਕਾਂ ਦਾ ਪਿਛਲੀਆਂ ਸਰਕਾਰਾਂ ਤੋਂ ਵਿਸ਼ਵਾਸ ਉੱਠ ਗਿਆ ਸੀ ਕਿ ਸਰਕਾਰੀ ਨੌਕਰੀਆਂ ਸਿਰਫ਼ ਸਿਫਾਰਸ਼ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ, ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀ ਸੋਚ ਬਦਲ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਨਿਯੁਕਤ ਉਮੀਦਵਾਰਾਂ ‘ਚੋਂ ਦੋ ਅਜਿਹੇ ਹਨ ਜੋ ਕੈਨੇਡਾ ‘ਚ ਕੰਮ ਕਰ ਰਹੇ ਸਨ ਅਤੇ ਕੈਨੇਡਾ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਖੇਤੀਬਾੜੀ ਸਬ-ਇੰਸਪੈਕਟਰ ਦੀ ਨੌਕਰੀ ਮਿਲੀ ਹੈ। ਕੈਬਨਿਟ ਮੰਤਰੀ ਕਿਹਾ ਕਿ ਸਾਡੀ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਆਮ ਪਰਿਵਾਰਾਂ ਦੇ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ।

ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਦੱਸਿਆ ਕਿ ਖੇਤੀਬਾੜੀ ਸਬ-ਇੰਸਪੈਕਟਰ ਅਤੇ ਡਰਾਫਟਸਮੈਨ ਦੀ ਇਹ ਨੌਕਰੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ। ਇਸ ਲਈ ਉਨ੍ਹਾਂ ਨੂੰ ਜ਼ਮੀਨ ਅਤੇ ਪਾਣੀ ਪ੍ਰਬੰਧਨ ਨਾਲ ਸਬੰਧਤ ਯੋਜਨਾਵਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਇਨ੍ਹਾਂ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ।

ਵਧੀਕ ਮੁੱਖ ਸਕੱਤਰ (ਖੇਤੀਬਾੜੀ) ਅਨੁਰਾਗ ਵਰਮਾ ਨੇ ਵੀ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਜਲ ਸਰੋਤਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਦੱਸਿਆ ਅਤੇ ਭਰਤੀ ਕਰਮਚਾਰੀਆਂ ਨੂੰ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਨਿਯੁਕਤ ਕਰਮਚਾਰੀ ਉਸ ਸੰਗਠਨ ਦਾ ਹਿੱਸਾ ਬਣ ਰਹੇ ਹਨ ਜਿਨ੍ਹਾਂ ਦਾ ਕੰਮ ਸੂਬੇ ਦੇ ਹਰ ਖੇਤਰ ‘ਚ ਪਾਣੀ ਬਚਾਉਣਾ ਹੈ।

Read More: ਪੰਜਾਬ ਸਰਕਾਰ ਨੇ 15947 ਖਾਲਿਆਂ ਨੂੰ ਸੁਰਜੀਤ ਕਰਕੇ 950 ਤੋਂ ਵੱਧ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਇਆ: ਬਰਿੰਦਰ ਕੁਮਾਰ ਗੋਇਲ

Scroll to Top