Site icon TheUnmute.com

ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ‘ਭੰਗੀ ਚੋਅ’ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ

Bhangi Chow

ਚੰਡੀਗੜ੍ਹ, 8 ਫਰਵਰੀ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਉਪਰਾਲੇ ਦੇ ਪਹਿਲੇ ਪੜਾਅ ਵਿਚ ਭੰਗੀ ਚੋਅ (Bhangi Chow) ਤੇ ਉਸ ਦੇ ਆਸ-ਪਾਸ ਨੂੰ ਸਾਫ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਭੰਗੀ ਚੋਅ ਉਹ ਏਰੀਆ ਹੈ ਜਿਥੋਂ ਲੋਕ ਹਿਮਾਚਲ ਅਤੇ ਹੋਰ ਜ਼ਿਲ੍ਹਿਆਂ ਨੂੰ ਜਾਣ ਲਈ ਗੁਜ਼ਰਦੇ ਹਨ ਪਰ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਦਾ ਅਕਸ ਇਥੋਂ ਗੁਜ਼ਰਨ ਵਾਲਿਆਂ ਸਾਹਮਣੇ ਬਹੁਤ ਖਰਾਬ ਜਾਂਦਾ ਹੈ।

ਨਗਰ ਨਿਗਮ ਹੁਸ਼ਿਆਰਪੁਰ ਵਲੋਂ ਜੰਗੀ ਪੱਧਰ ’ਤੇ ਭੰਗੀ ਚੋਅ (Bhangi Chow) ਨੂੰ ਸਾਫ ਕਰਨ ਦੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੀ ਕਾਮਯਾਬੀ ਲਈ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਖੁਦ ਚੋਅ ਦੀ ਸਫਾਈ ਕਰਕੇ ਅਤੇ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਹ ਸਫਾਈ ਮੁਹਿੰਮ 24 ਫਰਵਰੀ ਤੱਕ ਚੱਲੇਗੀ।

ਹੁਸ਼ਿਆਰਪੁਰ ਦੇ ਧੋਬੀ ਘਾਟ ਚੌਕ ‘ਤੇ ਆਪਣੇ ਸੰਬੋਧਨ ਦੌਰਾਨ ਜਿੰਪਾ ਨੇ ਕਿਹਾ ਕਿ 15 ਦਿਨਾਂ ਤੱਕ ਚੱਲਣ ਵਾਲੀ ਇਸ ਮੁਹਿੰਮ ਤੋਂ ਬਾਅਦ ਸ਼ਹਿਰ ਦੇ ਬਾਕੀ ਹਿੱਸਿਆਂ ਵਿਚ ਵੀ ਲੋਕਾਂ ਦੀ ਹਿੱਸੇਦਾਰੀ ਨਾਲ ਇਸ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਦੇਸ਼ ਦੇ ਸਾਫ਼-ਸੁਥਰੇ ਸ਼ਹਿਰਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਜਿੰਪਾ ਨੇ ਇਸ ਗੱਲ ‘ਤੇ ਸੰਤੁਸ਼ਟੀ ਪ੍ਰਗਟਾਈ ਕਿ ਸਫ਼ਾਈ ਮੁਹਿੰਮ ਦੇ ਪਹਿਲੇ ਦਿਨ ਹੀ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸ਼ਹਿਰ ਦੇ ਐਨ.ਜੀ.ਓਜ਼ ਅਤੇ ਆਮ ਜਨਤਾ ਵਲੋਂ ਇਸ ਮੁਹਿੰਮ ਵਿਚ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਵਿਚ ਨਗਰ ਨਿਗਮ, ਵਣ ਵਿਭਾਗ, ਡਰੇਨੇਜ ਵਿਭਾਗ, ਬੀ.ਐਸ.ਐਫ. ਖੜਕਾਂ ਦੇ ਵਲੰਟੀਅਰ, ਐਨ.ਐਸ.ਐਸ. ਵਲੰਟੀਅਰ, ਸਿਵਲ ਸੋਸਾਇਟੀਆਂ ਅਤੇ ਐਨ.ਜੀ.ਓਜ਼ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।

Exit mobile version