Buddha Dariya

ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢਾ ਦਰਿਆ ਨੂੰ ਦੁਸ਼ਿਤ ਕਰਨ ਵਾਲੇ ਸਰੋਤਾ ਦੀ ਜਾਂਚ ਦੇ ਹੁਕਮ

ਚੰਡੀਗੜ੍ਹ, 13 ਨਵੰਬਰ 2024: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ (Buddha Dariya) ਦੀ ਸਾਫ-ਸਫਾਈ ਲਈ ਮਿਉਂਸਪਲ ਭਵਨ ਵਿਖੇ ਉੱਚ ਪੱਧਰੀ ਬੈਠਕ ਕੀਤੀ ਹੈ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਬੈਠਕ ‘ਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਲੁਧਿਆਣਾ (ਪੱਛਮੀ) ਦੇ ਵਿਧਾਇਕ ਗੁਰਪ੍ਰੀਤ ਗੋਗੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਸਮੀਖਿਆ ਬੈਠਕ ‘ਚ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਬੁੱਢਾ ਦਰਿਆ ਨੂੰ ਸਾਫ਼-ਸੁਥਰਾ ਰੱਖਣ ਅਤੇ ਇਸ ਨੂੰ ਪ੍ਰਦੂਸ਼ਣ ਤੋਂ ਬਚਾਉਣ ਸਬੰਧੀ ਵੱਖ-ਵੱਖ ਪਹਿਲੂਆਂ ‘ਤੇ ਨਗਰ ਨਿਗਮ ਲੁਧਿਆਣਾ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ |

ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਬੁੱਢਾ ਦਰਿਆ (Buddha Dariya) ਨੂੰ ਪ੍ਰਦੂਸ਼ਿਤ ਕਰਨ ਵਾਲੇ ਸਰੋਤਾਂ ਦੀ ਜਾਂਚ ਕੀਤੀ ਜਾਵੇ ਅਤੇ ਹੱਲ ਲਈ ਠੋਸ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ, ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ ਦੀਪਤੀ ਉੱਪਲ, ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ, ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜੀਨੀਅਰ, ਜਲ ਵਿਭਾਗ ਦੇ ਮੁਖੀ ਡਰੇਨੇਜ ਵਿਭਾਗ ਦੇ ਇੰਜੀਨੀਅਰ, ਭੂਮੀ ਅਤੇ ਜਲ ਸੰਭਾਲ ਵਿਭਾਗ ਲੁਧਿਆਣਾ ਦੇ ਮੁੱਖ ਇੰਜੀਨੀਅਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਲੁਧਿਆਣਾ ਦੇ ਸੁਪਰਡੈਂਟ ਇੰਜੀਨੀਅਰ ਵੀ ਸ਼ਾਮਲ ਸਨ |

Scroll to Top