ਚੰਡੀਗੜ੍ਹ, 11 ਅਗਸਤ 2025: ਪੰਜਾਬ ਸਰਕਾਰ ਵੱਲੋਂ ਅੱਜ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਸੂਬੇ ਦੇ ਵਸਨੀਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ 504 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਸੰਬੰਧੀ ਨਗਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਚੁੱਕੇ ਇਨ੍ਹਾਂ ਪਟਵਾਰੀਆਂ ਨੂੰ ਫੀਲਡ ‘ਚ ਰੈਗੂਲਰ ਪਟਵਾਰੀਆਂ ਵਜੋਂ ਤਾਇਨਾਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2023 ‘ਚ ਮਾਲ ਪਟਵਾਰੀਆਂ ਦੀ ਭਰਤੀ ਤੋਂ ਬਾਅਦ ਯੋਗਤਾ ਦੇ ਆਧਾਰ ‘ਤੇ ਯੋਗ ਉਮੀਦਵਾਰਾਂ ਨੂੰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਪਟਵਾਰ ਸਕੂਲ ‘ਚ ਇੱਕ ਸਾਲ ਦੀ ਸਿਖਲਾਈ ਅਤੇ 6 ਮਹੀਨੇ ਦੀ ਫੀਲਡ ਸਿਖਲਾਈ ਦਿੱਤੀ ਸੀ।
ਹਰਦੀਪ ਸਿੰਘ ਨੇ ਦੱਸਿਆ ਕਿ ਉਮੀਦਵਾਰਾਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦੇ ਹੋਏ, ਇੱਕ ਸਾਲ ਦੀ ਸਿਖਲਾਈ ਲਈ 10 ਅਸਥਾਈ ਪਟਵਾਰ ਸਕੂਲ ਖੋਲ੍ਹੇ ਗਏ ਸਨ। ਇਨ੍ਹਾਂ ਸਕੂਲਾਂ ‘ਚ ਤਜਰਬੇਕਾਰ ਅਤੇ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀਆਂ, ਜ਼ਿਲ੍ਹਾ ਮਾਲ ਅਧਿਕਾਰੀਆਂ, ਤਹਿਸੀਲਦਾਰਾਂ ਅਤੇ ਪਟਵਾਰੀ ਅਤੇ ਕਾਨੂੰਗੋ ‘ਚੋਂ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਅਤੇ ਕਾਨੂੰਗੋ ਅਧਿਆਪਕ ਰੱਖੇ ਗਏ ਸਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਇਨ੍ਹਾਂ ਪਟਵਾਰੀਆਂ ਨੂੰ ਲੇਖਾ, ਜ਼ਮੀਨੀ ਰਿਕਾਰਡ, ਮਾਪ, ਰਿਕਾਰਡ ਤਿਆਰ ਕਰਨ, ਚੋਣ, ਮੁਰੱਬਾਬੰਦੀ, ਖੇਤੀਬਾੜੀ ਅਤੇ ਕੰਪਿਊਟਰ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਨ੍ਹਾਂ ਵਿਸ਼ਿਆਂ ਵਿੱਚੋਂ ਚੋਣ ਅਤੇ ਖੇਤੀਬਾੜੀ ਨਾਲ ਸਬੰਧਤ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਚੋਣ ਵਿਸ਼ੇ ਵਿੱਚ ਮੁੱਖ ਤੌਰ ‘ਤੇ ਵੋਟਰ ਸੂਚੀਆਂ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ ਗਈ।
ਖੇਤੀਬਾੜੀ ਵਿਸ਼ੇ ‘ਚ ਸਾਉਣੀ ਅਤੇ ਹਾੜੀ ਦੀਆਂ ਫਸਲਾਂ, ਕੀਟਨਾਸ਼ਕਾਂ, ਖਾਦਾਂ ਅਤੇ ਫਸਲਾਂ ਦੇ ਬੀਜਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਆਈ.ਐਲ.ਐਮ.ਐਸ. (ਇੰਟੈਗ੍ਰੇਟਿਡ ਲੈਂਡ ਮੈਨੇਜਮੈਂਟ ਸਿਸਟਮ) ਸਾਫਟਵੇਅਰ ‘ਤੇ ਇੰਤਕਾਲ, ਰੋਜ਼ਨਾਮਚਾ, ਫਰਦ ਬਦਰ ਆਦਿ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਸੂਬੇ ਦੇ ਸਾਰੇ ਪਟਵਾਰੀਆਂ ਨੂੰ ਹੱਦਬੰਦੀ ‘ਚ ਸਿਖਲਾਈ ਦੇਣ ਲਈ ਡੀਜੀਪੀਐਸ (ਡਿਫਰੈਂਸ਼ੀਅਲ ਗਲੋਬਲ ਪੋਜੀਸ਼ਨਿੰਗ ਸਿਸਟਮ) ਮਸ਼ੀਨ ਖਰੀਦੀ ਹੈ। ਇਸ ਮਸ਼ੀਨ ਰਾਹੀਂ ਹੱਦਬੰਦੀ ਲਈ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਿਜੀਟਲ ਫਸਲ ਸਰਵੇਖਣ ਰਾਹੀਂ ਗਿਰਦਾਵਰੀ ਕਰਨ ਲਈ ਸਿਖਲਾਈ ਵੀ ਦਿੱਤੀ ਜਾ ਰਹੀ ਹੈ।
ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਦੀ ਵਿਭਾਗੀ ਪ੍ਰੀਖਿਆ 26 ਮਈ 2025 ਤੋਂ 3 ਜੂਨ 2025 ਤੱਕ ਲਈ ਗਈ ਸੀ। ਇਸ ਪ੍ਰੀਖਿਆ ‘ਚ ਕੁੱਲ 504 ਉਮੀਦਵਾਰਾਂ ਨੇ ਵਿਭਾਗੀ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਫੀਲਡ ‘ਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਟਵਾਰੀਆਂ ਦੀਆਂ ਹੋਰ ਅਸਾਮੀਆਂ ਲਈ ਵੀ ਛੇਤੀ ਹੀ ਭਰਤੀ ਕੀਤੀ ਜਾਵੇਗੀ।
ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਕਿਹਾ ਕਿ ਨਵੇਂ ਪਟਵਾਰੀਆਂ ਦੀ ਭਰਤੀ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਦਿੱਕਤਾਂ ਰਹਿਤ ਸਹੂਲਤਾਂ ਮਿਲਣ।
Read More: ਪੰਜਾਬ ਸਰਕਾਰ ਨੇ 42 ਪਟਵਾਰੀਆਂ ਦੇ ਕੀਤੇ ਤਬਾਦਲੇ