ਸ੍ਰੀ ਅਨੰਦਪੁਰ ਸਾਹਿਬ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ

ਸ੍ਰੀ ਅਨੰਦਪੁਰ ਸਾਹਿਬ, 19 ਜੂਨ 2025: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਵਸ ‘ਤੇ ਸਮੁੱਚੀ ਸੰਗਤ ਅਤੇ ਜਨਤਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਗੁਰੂ ਸਾਹਿਬਾਨ ਨੇ ਨਵੇਂ ਨਗਰਵਸਾਏ ਜਾਂ ਨਿੱਕੇ-ਨਿੱਕੇ ਪਿੰਡਾਂ ਨੂੰ ਆਬਾਦ ਕਰਕੇ ਨਗਰ ‘ਚ ਬਦਲ ਦਿੱਤਾ। 19 ਜੂਨ 1665 ਨੂੰ ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡਵਾਈ ਸੀ |

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਸਾਲ 2025 ‘ਚ ਸ੍ਰੀ ਅਨੰਦਪੁਰ ਸਾਹਿਬ ‘ਚ ਸ਼ਰਧਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਵੀਆਈਪੀ ਰੋਡ ਦਾ ਨਾਮ “ਬਾਬਾ ਜੁਝਾਰ ਸਿੰਘ ਮਾਰਗ” ਰੱਖਣ ਦਾ ਪ੍ਰਸਤਾਵ ਨਗਰ ਕੌਂਸਲ ਵੱਲੋਂ ਪਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਸਰਕਾਰ ਇਸ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਿਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਪ੍ਰੋਗਰਾਮਾਂ ‘ਚ ਸ਼ਰਧਾਲੂਆਂ ਅਤੇ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ, ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ‘ਚ ਕੀਤੇ ਜਾਣਗੇ ਅਤੇ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਇਸ ਸ਼ੁਭ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਅਤੇ ਸੁਭਾਗ ਦੀ ਗੱਲ ਹੈ ਕਿ ਸਾਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਅਸੀਂ ਸ਼ਰਧਾ ਅਤੇ ਸੇਵਾ ਦੀ ਭਾਵਨਾ ਨਾਲ ਪੂਰਾ ਕਰਾਂਗੇ।

Read More: ਪੰਜਾਬ ਭਾਰਤ ਲਈ ਸਿੱਖਿਆ ਦਾ ਕੇਂਦਰ ਬਣੇਗਾ: ਹਰਜੋਤ ਸਿੰਘ ਬੈਂਸ

Scroll to Top