ਚੰਡੀਗੜ੍ਹ, 19 ਨਵੰਬਰ 2026: ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਵੱਖ-ਵੱਖ ਵਿਭਾਗੀ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਬੈਠਕ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੁਆਰਾ ਬਾਗਬਾਨੀ ਵਿਕਾਸ ਅਧਿਕਾਰੀਆਂ ਦੀਆਂ ਅਸਾਮੀਆਂ ਲਈ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ ਭਰਤੀ ਨਾਲ ਸਬੰਧਤ ਜ਼ਰੂਰੀ ਹੋਰ ਰਸਮਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਵਿਭਾਗ ‘ਚ ਲੋੜੀਂਦਾ ਸਟਾਫ਼ ਹੋਣ ਨਾਲ ਕਿਸਾਨਾਂ ਦੀ ਭਲਾਈ ਲਈ ਸਰਕਾਰੀ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ‘ਚ ਮੱਦਦ ਮਿਲੇਗੀ ਅਤੇ ਬਾਗਬਾਨੀਕਾਰਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ‘ਚ ਮੱਦਦ ਮਿਲੇਗੀ।
ਕੈਬਿਨਟ ਮੰਤਰੀ ਨੇ ਅਧਿਕਾਰੀਆਂ ਨੂੰ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਸਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਭਰਤੀ ਨਾਲ ਸਬੰਧਤ ਲੰਬਿਤ ਪ੍ਰਕਿਰਿਆਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਕੀਤਾ ਜਾਵੇ ਤਾਂ ਜੋ ਚੁਣੇ ਹੋਏ ਉਮੀਦਵਾਰਾਂ ਨੂੰ ਛੇਤੀ ਤੋਂ ਛੇਤੀ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਸਕਣ।
ਇਸ ਤੋਂ ਪਹਿਲਾਂ ਬੈਠਕ ਦੌਰਾਨ ਵਧੀਕ ਸਕੱਤਰ ਬਾਗਬਾਨੀ ਲਤੀਫ ਅਹਿਮਦ ਅਤੇ ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਮਹੱਤਵਪੂਰਨ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।




