Freedom Fighters

ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਸੰਬੰਧੀ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ

ਚੰਡੀਗੜ੍ਹ, 2 ਅਕਤੂਬਰ 2024: ਪੰਜਾਬ ਦੇ ਕੈਬਿਨਟ ਮੰਤਰੀ ਮਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਆਜ਼ਾਦੀ ਘੁਲਾਟੀਆਂ (Freedom Fighters) ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲਬੱਧ ਭਲਾਈ ਸਕੀਮਾਂ ਸੰਬੰਧੀ ਸਮੀਖਿਆ ਬੈਠਕ ਕੀਤੀ | ਇਸ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸੰਬੰਧੀ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਪਹਿਲਕਦਮੀਆਂ ਦਾ ਮੁਲਾਂਕਣ ਕੀਤਾ ਗਿਆ |

ਇਸ ਬੈਠਕ ਦੌਰਾਨ ਆਜ਼ਾਦੀ ਘੁਲਾਟੀਆਂ (Freedom Fighters) ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵ ਨੇ ਮੌਜੂਦਾ ਪ੍ਰੋਗਰਾਮਾਂ ਦੇ ਸੰਚਾਲਨ ਬਾਰੇ ਮੰਤਰੀ ਮਹਿੰਦਰ ਭਗਤ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਨ੍ਹਾਂ ‘ਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਲਈ ਪੈਨਸ਼ਨ, ਸਿਹਤ ਸਹਾਇਤਾ, ਸਿੱਖਿਆ ਵਿੱਚ ਰਾਖਵਾਂਕਰਨ ਅਤੇ ਰੁਜ਼ਗਾਰ ਸਹਾਇਤਾ ਦਾ ਪ੍ਰਬੰਧ ਸ਼ਾਮਲ ਹੈ।

ਉਨ੍ਹਾਂ ਨੇ ਅਜ਼ਾਦੀ ਘੁਲਾਟੀਆਂ ਦੇ ਅਣਵਿਆਹੇ ਅਤੇ ਬੇਰੋਜ਼ਗਾਰ ਧੀਆਂ-ਪੁੱਤਰਾਂ ਲਈ ਪੈਨਸ਼ਨ ਲਾਭ, ਸੂਬੇ ਦੇ ਮੈਡੀਕਲ ਅਤੇ ਤਕਨੀਕੀ ਕਾਲਜਾਂ ਵਿੱਚ 1 ਫੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ ਭਰਤੀ ਨਾਲ ਸਬੰਧਤ ਮੌਕਿਆਂ ਵਰਗੀਆਂ ਅਹਿਮ ਪਹਿਲਕਦਮੀਆਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੱਤੀ ਹੈ ।

ਕੈਬਿਨਟ ਮੰਤਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਆਜ਼ਾਦੀ ਵਰਗੇ ਮਹੱਤਵਪੂਰਨ ਕੌਮੀ ਤਿਉਹਾਰਾਂ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਚਿੰਤਾਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾ ਕੇ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਮੰਤਰੀ ਨੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਅਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਿਆ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਹ ਸੰਭਾਲ ਅਤੇ ਮਾਨਤਾ ਮਿਲੇ ਜਿਸ ਦੇ ਉਹ ਹੱਕਦਾਰ ਹਨ।

Scroll to Top