June 24, 2024 1:45 am
Mukhtar Abbas Naqvi

ਕੈਬਨਿਟ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ 06 ਜੁਲਾਈ 2022: ਕੇਂਦਰ ਸਰਕਾਰ ਵਿੱਚ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖ਼ਤਾਰ ਅੱਬਾਸ ਨਕਵੀ (Mukhtar Abbas Naqvi) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੈਬਨਿਟ ਮੀਟਿੰਗ ਵਿੱਚ ਨਕਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ।ਇਸ ਤੋਂ ਪਹਿਲਾਂ ਨਕਵੀ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਅਜਿਹੇ ਸਮੇਂ ‘ਚ ਹੋਈ ਹੈ ਜਦੋਂ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਅਤੇ ਲੋਕਾਂ ਦੀ ਸੇਵਾ ‘ਚ ਨਕਵੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨੇ ਕੈਬਨਿਟ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਆਰਸੀਪੀ ਸਿੰਘ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਸੀ। ਪ੍ਰਧਾਨ ਮੰਤਰੀ ਦੀ ਤਾਰੀਫ਼ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਦੋਵੇਂ ਮੰਤਰੀ ਜਲਦੀ ਹੀ ਅਸਤੀਫ਼ਾ ਦੇ ਦੇਣਗੇ। ਇਸ ਦੌਰਾਨ ਨਕਵੀ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਮੋਦੀ ਨੂੰ ਸੌਂਪ ਦਿੱਤਾ ਹੈ।

ਮੁਖ਼ਤਾਰ ਅੱਬਾਸ ਨਕਵੀ (Mukhtar Abbas Naqvi) ਰਾਜ ਸਭਾ ਵਿੱਚ ਭਾਜਪਾ ਦੇ ਉਪ ਨੇਤਾ ਵੀ ਸਨ। ਰਾਜ ਸਭਾ ਵਿੱਚ ਉਨ੍ਹਾਂ ਦਾ ਕਾਰਜਕਾਲ ਕੱਲ ਯਾਨੀ 7 ਜੁਲਾਈ ਨੂੰ ਖਤਮ ਹੋ ਰਿਹਾ ਹੈ। ਹਾਲ ਹੀ ਵਿੱਚ ਹੋਈਆਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਕਿਧਰੋਂ ਵੀ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ। ਉਦੋਂ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਪਾਰਟੀ ਉਨ੍ਹਾਂ ਨੂੰ ਨਵੀਂ ਭੂਮਿਕਾ ਸੌਂਪ ਸਕਦੀ ਹੈ।