ਮੰਡੀ ਗੋਬਿੰਦਗੜ੍ਹ, 27 ਫਰਵਰੀ, 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਊਰਜਾ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਨੇ ਬੀਤੇ ਦਿਨ ਉਦਯੋਗਿਕ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਟਿਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ।
ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, “ਇਨਵੈਸਟ ਪੰਜਾਬ” ਪਹਿਲਕਦਮੀ ਰਾਹੀਂ ਸੂਬੇ ‘ਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਆ ਰਹੇ ਹਨ। ਇਹ ਨਿਵੇਸ਼ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਨ |
ਸੰਜੀਵ ਅਰੋੜਾ ਨੇ ਕਿਹਾ ਕਿ ਨਿਵੇਸ਼ਕਾਂ ਦਾ ਵਧਦਾ ਵਿਸ਼ਵਾਸ ਦਰਸਾਉਂਦਾ ਹੈ ਕਿ ਪੰਜਾਬ ਨਿਵੇਸ਼ ਲਈ ਖਾਸ ਕਰਕੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ‘ਚ ਇੱਕ ਪਸੰਦੀਦਾ ਸਥਾਨ ਬਣ ਰਿਹਾ ਹੈ। ਪੰਜਾਬ ਸਰਕਾਰ ਇੱਕ ਕਾਰੋਬਾਰ-ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਪ੍ਰਗਤੀਸ਼ੀਲ ਨੀਤੀਆਂ ਅਤੇ ਇੱਕ ਸ਼ਾਂਤੀਪੂਰਨ ਉਦਯੋਗਿਕ ਵਾਤਾਵਰਣ ਲਈ ਹਰ ਸੰਭਵ ਯਤਨ ਕਰ ਰਹੀ ਹੈ |
15 ਏਕੜ ‘ਚ ਫੈਲੇ ਇਸ ਪਲਾਂਟ ਦੀ ਸਾਲਾਨਾ ਉਤਪਾਦਨ ਸਮਰੱਥਾ 4.5 ਲੱਖ ਮੀਟ੍ਰਿਕ ਟਨ ਹੈ ਅਤੇ ਇਹ ਦੱਖਣੀ ਏਸ਼ੀਆ ‘ਚ ਸਭ ਤੋਂ ਵੱਡਾ ਡੇਅਰੀ ਫੀਡ ਪਲਾਂਟ ਹੈ। ਇਹ ਬਠਿੰਡਾ ਤੋਂ ਬਾਅਦ ਪੰਜਾਬ ‘ਚ ਕਾਰਗਿਲ ਦੀ ਦੂਜੀ ਵੱਡੀ ਇਕਾਈ ਹੈ, ਜੋ ਸੂਬੇ ਦੀ ਖੇਤੀ-ਉਦਯੋਗਿਕ ਮੁੱਲ ਲੜੀ ਨੂੰ ਹੋਰ ਮਜ਼ਬੂਤ ਕਰਦੀ ਹੈ। ਕਾਰਗਿਲ ਪ੍ਰਬੰਧਨ ਨੇ ਪਲਾਂਟ ਸਥਾਪਤ ਕਰਨ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਮੰਤਰੀ ਨੇ ਕਿਹਾ ਕਿ ਇਹ ਪਲਾਂਟ ਡੇਅਰੀ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ ਕਿਉਂਕਿ ਉੱਚ-ਗੁਣਵੱਤਾ ਵਾਲੀ ਪਸ਼ੂ ਖੁਰਾਕ ਸਥਾਨਕ ਤੌਰ ‘ਤੇ ਉਪਲਬੱਧ ਹੋਵੇਗੀ, ਜਿਸ ਨਾਲ ਦੁੱਧ ਉਤਪਾਦਨ, ਗੁਣਵੱਤਾ ਅਤੇ ਕਿਸਾਨਾਂ ਦੀ ਆਮਦਨ ‘ਚ ਵਾਧਾ ਹੋਵੇਗਾ। ਇਹ ਵਿਗਿਆਨਕ ਤੌਰ ‘ਤੇ ਵਿਕਸਤ ਫੀਡ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ‘ਚ ਸੁਧਾਰ ਕਰੇਗੀ ਅਤੇ ਪੰਜਾਬ ਦੇ ਡੇਅਰੀ ਸੈਕਟਰ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਵੇਗੀ।
ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ 13 ਤੋਂ 15 ਮਾਰਚ ਤੱਕ ਮੋਹਾਲੀ ‘ਚ ਹੋਣ ਵਾਲਾ “ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸੰਮੇਲਨ 2026” ਰਾਸ਼ਟਰੀ ਅਤੇ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮਹੱਤਵਪੂਰਨ ਭਾਗੀਦਾਰੀ ਨੂੰ ਆਕਰਸ਼ਿਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਉਦਯੋਗ ਲਗਾਤਾਰ ਤਰੱਕੀ ਕਰ ਰਿਹਾ ਹੈ, ਅਤੇ ਉਦਯੋਗਪਤੀਆਂ ਨੇ ਸੂਬੇ ਦੀਆਂ ਸਰਗਰਮ ਅਤੇ ਪ੍ਰਗਤੀਸ਼ੀਲ ਨੀਤੀਆਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ।
ਇਸ ਤੋਂ ਪਹਿਲਾਂ, ਸਥਾਨਕ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਕਾਰਗਿਲ ਪਲਾਂਟ ਦੀ ਸਥਾਪਨਾ ਨਾਲ ਖੇਤਰ ਦੇ ਲਗਭੱਗ 1,000 ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਉੱਚ-ਗੁਣਵੱਤਾ ਵਾਲੇ ਫੀਡ ਦੀ ਉਪਲਬੱਧਤਾ ਪਸ਼ੂਆਂ ਦੀ ਸਿਹਤ ਅਤੇ ਦੁੱਧ ਦੀ ਗੁਣਵੱਤਾ ‘ਚ ਕਾਫ਼ੀ ਸੁਧਾਰ ਕਰੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਡੇਵਿਡ ਵੈਬਸਟਰ (ਐਗਜ਼ਿਕਿਊਟਿਵ ਵਾਈਸ ਪ੍ਰੈਜ਼ੀਡੈਂਟ ਅਤੇ ਚੀਫ਼ ਰਿਸਕ ਅਫ਼ਸਰ), ਐਡਰੀਆਨੋ ਮਾਰਕੋਨ (ਪ੍ਰੈਜ਼ੀਡੈਂਟ, ਕਾਰਗਿਲ ਐਨੀਮਲ ਨਿਊਟ੍ਰੀਸ਼ਨ ਐਂਡ ਹੈਲਥ), ਰਿਸ਼ੀ ਵਰਮਾ (ਐਗਜ਼ਿਕਿਊਟਿਵ ਵਾਈਸ ਪ੍ਰੈਜ਼ੀਡੈਂਟ, ਚੀਫ਼ ਲੀਗਲ ਅਤੇ ਕੰਪਲਾਇੰਸ ਅਫ਼ਸਰ ਅਤੇ ਕਾਰਪੋਰੇਟ ਸੈਕਰਟਰੀ, ਚੇਅਰ ਏਸ਼ੀਆ ਪੈਸਿਫਿਕ ਖੇਤਰ)ਅਤੇ ਰਵਿੰਦਰ ਬਲੈਨ (ਸੀਨੀਅਰ ਮੈਨੇਜਿੰਗ ਡਾਇਰੈਕਟਰ, ਕਾਰਗਿਲ ਐਨੀਮਲ ਨਿਊਟ੍ਰੀਸ਼ਨ ਐਂਡ ਹੈਲਥ, ਇੰਡੀਆ ਅਤੇ ਪ੍ਰੈਜ਼ੀਡੈਂਟ, ਕਾਰਗਿਲ ਇੰਡੀਆ) ਵੀ ਹਾਜ਼ਰ ਸਨ।
Read More: ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ, ਹੋਰ ਮਾਮਲਿਆਂ ਦੀ ਵੀ ਸੱਚਾਈ ਆਵੇਗੀ ਸਾਹਮਣੇ: CM ਭਗਵੰਤ ਮਾਨ




