ਚੰਡੀਗੜ੍ਹ, 24 ਸਤੰਬਰ 2024: ਪੰਜਾਬ ਦੇ ਨਵ-ਨਿਊਕਤ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਅੱਜ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਕੀਤੀ ਹੈ।
ਇਸ ਦੌਰਾਨ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਛੇਤੀ ਤੋਂ ਛੇਤੀ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਨੂੰ ਲੈ ਕੇ ਹਦਾਇਤਾਂ ਦਿੱਤੀਆਂ । ਬੈਠਕ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਅਹਿਮ ਬੈਠਕ ‘ਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਜਾਇੰਟ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਮੌਜੂਦ ਰਹੇ |